ਕਿਹਾ ਸੰਸਦ ਵਿਚ ਕਿਸਾਨਾਂ ਤੇ ਹੋਰ ਵਰਗਾਂ ਦੀ ਆਵਾਜ਼ ਬੁਲੰਦ ਕਰਨ ਦਾ ਵਾਅਦਾ

ਗੁਰਦਾਸਪੁਰ  : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਨੀਲ ਜਾਖੜ ਨੇ ਆਖਿਆ ਕਿ ਲੋਕ ਸਭਾ ਵਿਚ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਾ ਕੋਈ ਕਿਸਾਨ ਨੇਤਾ ਨਾ ਹੋਣ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਪੂਰੀ ਤਰਾਂ ਦਰਕਿਨਾਰ ਕਰ ਦਿੱਤਾ ਹੈ। ਉਨਾਂ ਆਖਿਆ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਖੇਤੀ ਅਰਥਚਾਰੇ ਦਾ ਭੱਠਾ ਬਿਠਾ ਦਿੱਤਾ ਹੈ।

ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿਚ ਲੜੀਵਾਰ ਨੀਤੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਨੇ ਆਖਿਆ ਕਿ ਲੋਕ ਸਭਾ ਵਿਚ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲਾ ਕੋਈ ਕਿਸਾਨ ਲੀਡਰ ਨਾ ਹੋਣ ਕਰਕੇ ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ ਸਮੇਤ ਹੋਰ ਮਹੱਤਵਪੂਰਨ ਫੈਸਲਿਆਂ ਵਿਚ ਕਿਸਾਨਾਂ ਨੂੰ ਪੂਰੀ ਤਰਾਂ ਅਣਗੌਲਿਆ ਜਾ ਰਿਹਾ ਹੈ। ਉਨਾਂ ਆਖਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਟਰੈਕਟਰਾਂ ਅਤੇ ਇੱਥੋਂ ਤੱਕ ਕਿ ਆਟੇ ’ਤੇ ਵੀ ਜੀ.ਐਸ.ਟੀ ਲਾ ਦਿੱਤਾ ਜਦਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨਾਂ ਨੇ ਲੋਕ ਸਭਾ ਵਿਚ ਕਿਸਾਨਾਂ ਦੇ ਹੱਕਾਂ ਲਈ ਲੜਣ ਦਾ ਵਾਅਦਾ ਕੀਤਾ। ਸ੍ਰੀ ਜਾਖੜ ਨੇ ਆਖਿਆ ਕਿ ਉਹ ਖੁਦ ਕਿਸਾਨ ਹੋਣ ਕਰਕੇ ਕਿਸਾਨ ਭਾਈਚਾਰੇ ਦੀ ਹਾਲਤ ਨੂੰ ਚੰਗੀ ਤਰਾਂ ਸਮਝ ਸਕਦੇ ਹਨ ਜਿਨਾਂ ਦੀ ਦਸਾਂ-ਨਹੁੰਆਂ ਦੀ ਕਿਰਤ ਕਮਾਈ ਨੂੰ ਕੇਂਦਰ ਸਰਕਾਰ ਵੱਲੋਂ ਠੱਗਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲ ਰਹੀ ਹੈ। ਉਨਾਂ ਨੇ ਹੈਰਾਨੀ ਜ਼ਾਹਰ ਕੀਤੀ ਕਿ ਖੁਦ ਨੂੰ ਕਿਸਾਨ ਦੱਸਣ ਵਾਲੇ ਬਾਦਲ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਅਤੇ ਮੁੱਖ ਮੰਤਰੀ ਹੁੰਦਿਆਂ ਮੋਦੀ ਸਰਕਾਰ ਕੋਲ ਕਿਸਾਨਾਂ ਦੀ ਗੱਲ ਕਰਨ ਵਿਚ ਨਾਕਾਮ ਰਹੇ ਹਨ।

Be the first to comment

Leave a Reply