ਕੈਪਟਨ ਅਮਰਿੰਦਰ ਸਿੰਘ ਨੇ ਸੁਣੀਆਂ ਅੱਜ ਲੋਕਾਂ ਦੀਆਂ ਸਮੱਸਿਆਵਾਂ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕੌਮੀ ਹਾਕੀ ਖਿਡਾਰੀ ਹਰਮਨਦੀਪ ਸਿੰਘ ਲਈ ਕਿੱਟ ਦਾ ਪ੍ਰਬੰਧ ਕਰਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਦਿੱਤੀ ਹੈ ਤਾਂ ਜੋ ਉਹ 16 ਅਗਸਤ ਨੂੰ ਸ਼ੁਰੂ ਹੋ ਰਹੇ ਰਾਸ਼ਟਰੀ ਟਰਾਇਲਾਂ ਵਿੱਚ ਹਿੱਸਾ ਲੈ ਸਕੇ। ਹਰਮਨਦੀਪ ਅੱਜ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅੱਜ ਆਮ ਲੋਕਾਂ ਦੀ ਸ਼ਿਕਾਇਤਾਂ ਸੁਣੇ ਜਾਣ ਮੌਕੇ ਮਿਲਿਆ।

ਇਸ ਤੋਂ ਇਲਾਵਾ ਉਨ੍ਹਾਂ ਨੇ 1989 ਵਿੱਚ ਹੈਲੀਕਾਪਟਰ ਹਾਦਸੇ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਸ਼ਹੀਦ ਫੌਜੀ ਦੀ ਬੇਟੀ ਨੂੰ ਪ੍ਰਾਈਵੇਟ ਸੈਕਟਰ ਵਿੱਚ ਨੌਕਰੀ ਦਾ ਭਰੋਸਾ ਦਿਵਾਇਆ। ਪਾਇਲਟ ਦਵਿੰਦਰ ਸਿੰਘ ਦੇ ਪਿਤਾ ਸਰਬਜੀਤ ਸਿੰਘ ਸਿੱਧੂ ਉਨ੍ਹਾਂ ਲੋਕਾਂ ਵਿੱਚ ਸ਼ਾਮਲ ਸੀ ਜੋ ਅੱਜ ਕੈਪਟਨ ਕੋਲ ਆਪਣੀ ਸ਼ਿਕਾਇਤਾਂ ਲੈ ਕੇ ਪਹੁੰਚੇ ਸਨ। ਕੈਪਟਨ ਵੱਲੋਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਦੂਜੀ ਵਾਰ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਸਨ।

ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਪਣੇ ਨਿਵਾਸ ਸਥਾਨ ’ਤੇ ਇਕੱਤਰ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਭਨ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ। ਬੁਲਾਰੇ ਅਨੁਸਾਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਲੋਕ ਆਪਣੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਮੁੱਖ ਮੰਤਰੀ ਦੇ ਦਖਲ ਦੀ ਇੱਛਾ ਪ੍ਰਗਟ ਕਰ ਰਹੇ ਸਨ।

ਇਨ੍ਹਾਂ ਵਿੱਚ ਤਬਾਦਲਿਆਂ, ਮੁਆਵਜ਼ੇ ਤੇ ਪੈਨਸ਼ਨਾਂ ਨਾਲ ਸਬੰਧਤ ਕਾਫੀ ਗਿਣਤੀ ਵਿਚ ਮਾਮਲੇ ਸਨ। ਮਰਦਾਂ ਤੇ ਔਰਤਾਂ ਵੱਲੋਂ ਮੁੱਖ ਮੰਤਰੀ ਦੇ ਅੱਗੇ ਪੇਸ਼ ਕੀਤੇ ਆਪਣੇ ਮਾਮਲਿਆਂ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪੂਰੀ ਤਰਾਂ ਹੱਲ ਕਰਨ ਦਾ ਭਰੋਸਾ ਦਵਾਇਆ।

Be the first to comment

Leave a Reply