ਧੱਕੇਸ਼ਾਹੀ ਦੇ ਵਿਰੋਧ ਵਿਚ ਮਿੰਨੀ ਸਕੱਤਰੇਤ ਅਤੇ ਥਾਣਾ ਲਾਹੌਰੀ ਗੇਟ ਦੇ ਬਾਹਰ ਦਿੱਤਾ ਧਰਨਾ

ਪਟਿਆਲਾ- ਨਿਗਮ ਚੋਣਾਂ ਵਿਚ ਹੋਈ ਧੱਕੇਸ਼ਾਹੀ ਦੇ ਵਿਰੋਧ ‘ਚ ਬੀਤੇ ਦਿਨੀਂ ਮਿੰਨੀ ਸਕੱਤਰੇਤ ਅਤੇ ਥਾਣਾ ਲਾਹੌਰੀ ਗੇਟ ਦੇ ਬਾਹਰ ਧਰਨਾ ਦਿੱਤਾ ਗਿਆ। ਆਮ ਆਦਮੀ ਪਾਰਟੀ ਨਿਗਮ ਚੋਣਾਂ ਵਿਚ ਧੱਕੇਸ਼ਾਹੀ ਅਤੇ ਪਾਰਟੀ ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਵਿਰੋਧ ਕਰ ਰਹੀ ਸੀ। ਧਰਨੇ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਡਾ. ਬਲਬੀਰ ਸਿੰਘ, ਕਰਨਵੀਰ ਸਿੰਘ ਟਿਵਾਣਾ ਅਤੇ ਹੋਰ ਨੇਤਾ ਵਿਸ਼ੇਸ਼ ਤੌਰ ‘ਤੇ  ਪਹੁੰਚੇ ਹੋਏ ਸਨ। ਇਸ ਦੌਰਾਨ ਪੁਲਸ ਨੇ ਡਾ. ਬਲਬੀਰ ਸਿੰਘ, ਕਰਨਵੀਰ ਸਿੰਘ ਟਿਵਾਣਾ, ਜ਼ਿਲਾ ਪ੍ਰਧਾਨ ਗਿਆਨ ਸਿੰਘ ਮੂੰਗੋ, ਜਰਨੈਲ ਸਿੰਘ ਮਨੂੰ, ਗੁਰਦੀਪ ਸਿੰਘ ਦਿੱਤੂਪੁਰ, ‘ਆਪ’ ਦੇ ਉਮੀਦਵਾਰ ਰਾਜ ਕੁਮਾਰ ਸਮੇਤ ਕੁੱਲ 17 ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਥਾਣਾ ਲਾਹੌਰੀ ਗੇਟ ਲਿਜਾਇਆ ਗਿਆ, ਜਿਨ੍ਹਾਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਧਰਨੇ ਵਿਚ ਵਿਸ਼ੇਸ਼ ਤੌਰ ‘ਤੇ ਪਾਰਟੀ ਮੀਤ ਪ੍ਰਧਾਨ ਅਤੇ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਪਹੁੰਚੇ। ਉਹ ਥਾਣਾ ਲਾਹੌਰੀ ਗੇਟ ਵਿਚ ਪਾਰਟੀ ਦੇ ਗ੍ਰਿਫਤਾਰ ਵਰਕਰਾਂ ਅਤੇ ਸੀਨੀਅਰ ਨੇਤਾਵਾਂ ਨੂੰ ਮਿਲਣ ਲਈ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਨਗਰ ਨਿਗਮ ਚੋਣਾਂ ਵਿਚ ਲੋਕਤੰਤਰ ਦਾ ਕਤਲ ਕੀਤਾ ਗਿਆ, ਉਸ ਦੇ ਬਰਾਬਰ ਦੀ ਉਦਾਹਰਣ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਲੋਕਾਂ ਨੂੰ ਗੁਮਰਾਹ ਕਰ ਕੇ ਵਿਧਾਨ ਸਭਾ ਚੋਣ ਜਿੱਤੀ ਅਤੇ ਉਸ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਦੋਂ ਲੋਕਾਂ ਦੀ ਨਿਗਮ ਚੋਣਾਂ ਵਿਚ ਕਾਂਗਰਸ ਨੂੰ ਸ਼ੀਸ਼ਾ ਦਿਖਾਉਣ ਦੀ ਵਾਰੀ ਆਈ ਤਾਂ ਇੱਥੇ ਉਨ੍ਹਾਂ ਤੋਂ ਵੋਟ ਪਾਉਣ ਦਾ ਅਧਿਕਾਰ ਹੀ ਖੋਹ ਲਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਗੁੰਡਾਗਰਦੀ ਨੂੰ ਮਾਣਯੋਗ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ।

Be the first to comment

Leave a Reply