ਨਹੀਂ ਰੁਕ ਰਹੀ ਬੇਅਦਬੀ ਦੇ ਕੇਸ ਕੈਮਰੇ ਨੇ ਫੜਿਆ ਮੁਲਜ਼ਮ

ਅੰਮ੍ਰਿਤਸਰ  :-  ਤਹਿਸੀਲ ਅਜਨਾਲਾ ਅਧੀਨ ਆਉਂਦੇ ਰਾਮਦਾਸ ਪੁਲਿਸ ਥਾਣੇ ਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਬੇਅਦਬੀ ਕਰਨ ਵਾਲੇ ਮੁਲਜ਼ਮ ਬਾਰੇ ਪਤਾ ਲਾਉਣ ਮਗਰੋਂ ਉਸ ਨੂੰ ਕਾਬੂ ਕਰ ਲਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਤਲਵੰਡੀ ਭੰਗਵਾਂ ਵਿੱਚ ਸਥਿਤ ਗੁਰਦਵਾਰਾ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਕੱਲ੍ਹ ਸੁੱਖਆਸਨ ਵੇਲੇ ਦੇਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ 12 ਅੰਗ ਫਟੇ ਹੋਏ ਸਨ। ਇਸ ਤੋਂ ਬਾਅਦ ਤੁਰੰਤ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਗੁਰਦਵਾਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਤੋਂ ਪਤਾ ਲਾਇਆ ਕਿ ਕਰੀਬ 11:30 ਵਜੇ ਇੱਕ ਨੌਜਵਾਨ ਵੱਲੋਂ ਗੁਰਦਆਰੇ ਅੰਦਰ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ। ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਛਾਣ ਰਣਜੀਤ ਮਸੀਹ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਬੇਅਬਦੀ ਕਰਨ ਵਾਲਾ ਰਣਜੀਤ ਮਸੀਹ ਉਸੇ ਹੀ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਉਸ ਬਾਰੇ ਪਤਾ ਲੱਗਦਿਆਂ ਹੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉੱਥੇ ਮੌਜੂਦ ਲੋਕਾਂ ਨੇ ਪੁਲਿਸ ਅਧਿਕਾਰੀਆਂ ਨਾਲ ਬਦਸਲੂਕੀ ਵੀ ਕੀਤੀ। ਉਨ੍ਹਾਂ ਨੇ ਮੁਲਜ਼ਮ ਨੂੰ ਉਨ੍ਹਾਂ ਹਵਾਲੇ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਪੁਲਿਸ ਵੱਲੋਂ ਹਾਲਾਤ ਨੂੰ ਕਾਬੂ ਕਰਦਿਆਂ ਰਣਜੀਤ ਮਸੀਹ ਨੂੰ ਥਾਣੇ ਲਿਆਜਾਇਆ ਗਿਆ। ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਐਸ.ਐਸ.ਪੀ ਪਰਮਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨਾਲ ਬਦਸਲੂਕੀ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ।

Be the first to comment

Leave a Reply