ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਅੱਜ ਜਲੰਧਰ ਸ਼ਹਿਰ ‘ਚ ਸ਼ਾਹੀ ਨਗਰ ਕੀਰਤਨ ਸਜਾਇਆ ਗਿਆ

ਜਲੰਧਰ(ਜੀ. ਐੱਸ. ਪਰੂਥੀ, ਐੱਮ. ਐੱਸ. ਚਾਵਲਾ)-ਨਿਮਾਣਿਆਂ-ਨਿਤਾਣਿਆਂ ਦੇ ਰਹਿਬਰ, ਜਗਤ ਦੇ ਤਾਰਨਹਾਰੇ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਅੱਜ ਜਲੰਧਰ ਸ਼ਹਿਰ ‘ਚ ਸ਼ਾਹੀ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਰੂਟਾਂ ਤੋਂ ਹੁੰਦਾ ਹੋਇਆ ਦੇਰ ਰਾਤ ਸਮਾਪਤ ਹੋਇਆ। ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਵੇਰੇ ਕਰੀਬ 11 ਵਜੇ ਨਗਰ ਕੀਰਤਨ ਆਰੰਭ ਕੀਤਾ ਗਿਆ। ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਖੂਬਸੂਰਤ ਸਜੀ ਪਾਲਕੀ ਵਿਚ ਸੁਸ਼ੋਭਿਤ ਸੀ, ਜਿੱਥੇ ਚੌਰ ਸਾਹਿਬ ਦੀ ਸੇਵਾ ਸੰਤ ਬਾਬਾ ਜੀਤ ਸਿੰਘ ਚਾਹ ਵਾਲੇ ਸਤਿਕਾਰ ਸਹਿਤ ਕਰ ਰਹੇ ਸਨ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਰੇਲਵੇ ਰੋਡ, ਮੰਡੀ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ ਦੇ ਬਾਹਰ ਪੁੱਜਾ, ਜਿੱਥੇ ਦੁਕਾਨਦਾਰ ਐਸੋਸੀਏਸ਼ਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਟਹਿਲ ਸੇਵਾ ਕੀਤੀ ਗਈ। ਪ੍ਰਬੰਧਕ ਕਮੇਟੀ ਵੱਲੋਂ ਮੋਹਨ ਸਿੰਘ ਢੀਂਡਸਾ ਪ੍ਰਧਾਨ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸਾਥੀਆਂ ਸਮੇਤ ਸਹਿਯੋਗੀ ਤੇ ਮੋਹਤਬਰ ਸੱਜਣਾਂ ਨੂੰ ਸਨਮਾਨਿਤ ਕੀਤਾ।

Be the first to comment

Leave a Reply