ਨੌਜਵਾਨਾਂ ਨੂੰ ਘਰ-ਘਰ ਜਾ ਕੇ ਪ੍ਰੇਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ

ਜਗਰਾਂਉ/ਲੁਧਿਆਣਾ, 11 ਜੁਲਾਈ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਅਤੇ ਪ੍ਰਸਾਸ਼ਨ ਵੱਲੋਂ ਆਪਣੇ-ਆਪਣੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਪ੍ਰਸਾਸ਼ਨ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਅਲਾਮਤ ਵਿੱਚੋਂ ਕੱਢਿਆ ਜਾ ਰਿਹਾ ਹੈ, ਉਥੇ ਹੀ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵੱਲੋਂ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਘਰ-ਘਰ ਜਾ ਕੇ ਪ੍ਰੇਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਹੁਣ ਤੱਕ 47 ਨੌਜਵਾਨਾਂ ਨੂੰ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਚੁੱਕਾ ਹੈ। ਅੱਜ ਉਨ੍ਹਾਂ ਹਲਕਾ ਜਗਰਾਂਉ ਦੇ 13 ਨੌਜਵਾਨਾਂ ਨੂੰ ਪ੍ਰੇਰ ਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ। ਜਦਕਿ ਇਸ ਤੋਂ ਪਹਿਲਾਂ 34 ਨੌਜਵਾਨਾਂ ਨੂੰ ਵੀ ਭਰਤੀ ਕਰਵਾਇਆ ਜਾ ਚੁੱਕਾ ਹੈ।
> ਅੱਜ ਪਿੰਡ ਰਕਬਾ, ਅੱਬੂਪੁਰ, ਸੂਫੀਵਾਲ, ਮਲਸੀਹਾਂ ਅਤੇ ਤਿਹਾੜਾ ਵਿਖੇ ਨੌਜਵਾਨਾਂ ਅਤੇ ਪਰਿਵਾਰਾਂ ਨਾਲ ਗੱਲਬਾਤ ਕਰਨ ਦੌਰਾਨ ਜਾਣਕਾਰੀ ਦਿੰਦਿਆਂ ਸ੍ਰ. ਬਿੱਟੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਰੀਰਕ ਅਤੇ ਤੰਦਰੁਸਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਣ ਲਈ ਸੂਬੇ ਵਿੱਚ ਵਿਆਪਕ ਨਸ਼ਾ ਛੁਡਾਊ ਮੁਹਿੰਮ ਵੱਡੇ ਪੱਧਰ ‘ਤੇ ਛੇੜੀ ਹੋਈ ਹੈ, ਜਿਸ ਨੂੰ ਹੁਣ ਦਿਨੋਂ ਦਿਨ ਸਫ਼ਲਤਾ ਮਿਲਣ ਲੱਗੀ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਚੱਲਦਿਆਂ ਸੂਬੇ ਵਿੱਚ ਨਸ਼ਾ ਵਿਰੋਧੀ ਮਾਹੌਲ ਸਿਰਜਿਆ ਜਾ ਚੁੱਕਾ ਹੈ ਅਤੇ ਨੌਜਵਾਨ ਆਪ ਮੁਹਾਰੇ ਨਸ਼ਾ ਛੱਡਣ ਲਈ ਅੱਗੇ ਆਉਣ ਲੱਗੇ ਹਨ। ਅੱਜ ਵਿਧਾਨ ਸਭਾ ਹਲਕਾ ਜਗਰਾਂਉ ਦੇ 13 ਨੌਜਵਾਨਾਂ ਨੇ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਅਪਨਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾਦਾਇਕ ਹੈ। ਸ੍ਰ. ਬਿੱਟੂ ਇਨ੍ਹਾਂ ਨੌਜਵਾਨਾਂ ਨੂੰ ਇਲਾਜ਼ ਲਈ ਭਰਤੀ ਕਰਾਉਣ ਲਈ ਖੁਦ ਹਸਪਤਾਲ ਪੁੱਜੇ।
> ਸ੍ਰ. ਬਿੱਟੂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕਾ ਦਾਖਾ ਅਤੇ ਜਗਰਾਂਉ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਵਿਚਰ ਰਹੇ ਹਨ ਤਾਂ ਪਿੰਡਾਂ ਦੇ ਕਈ ਨੌਜਵਾਨਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਮੁਹਿੰੰਮ ਤਹਿਤ ਇਲਾਜ ਕਰਾਉਣ ਦੀ ਇੱਛਾ ਪ੍ਰਗਟ ਕੀਤੀ ਜਾ ਰਹੀ ਹੈ। ਜਿਸ ‘ਤੇ ਉਨ੍ਹਾਂ ਤੁਰੰਤ ਉਨ੍ਹਾਂ ਦੇ ਮਾਪਿਆਂ ਨੂੰ ਭਰੋਸੇ ਵਿੱਚ ਲੈ ਕੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ।