ਨੌਜਵਾਨ ਪੀੜੀ ਨੂੰ ਵਿਰਸੇ ਨਾਲ ਜੋੜਨ ਲਈ ਕੀਤੇ ਜਾਣਗੇ ਵਿਸ਼ੇਸ਼ ਯਤਨ – ਕੈਬਨਿਟ ਮੰਤਰੀ ਸਿੱਧੂ

ਅੰਮ੍ਰਿਤਸਰ  : ਪੰਜਾਬ ਕਲਾ ਪਰਿਸ਼ਦ ਵਲੋਂ ਅੱਜ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਵਿਖੇ ਮਹਾਨ ਕਵੀ ਸ਼੍ਰੀ ਧਨੀ ਰਾਮ ਚਾਤਰਿਕ ਦੇ 141ਵੇਂ ਜਨਮ ਦਿਨ ਮੌਕੇ ਚਾਤਿ੍ਰਕ ਯਾਦਗਾਰੀ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਸ਼ਾਮਲ ਹੋਏ।

ਸ. ਸਿੱਧੂ ਨੇ ਇਸ ਮੌਕੇ ਸ਼ਾਮਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਸਾਰਿਆਂ  ਨੂੰ ਆਪਣਾ ਸਭਿਆਚਾਰ ਬਚਾਉਣ ਦੀ ਲੋੜ ਹੈ। ਉਨਾਂ ਕਿਹਾ ਕਿ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਸਾਡੀ ਨੌਜਵਾਨ ਪੀੜੀ ਆਪਣੇ ਗੌਰਵਮਈ ਵਿਰਸੇ ਤੇ ਇਤਿਹਾਸ ਨੂੰ ਭੁੱਲ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਪੰਜਾਬੀ ਵਿਰਸੇ ਨੂੰ ਬਚਾਉਣ ਲਈ ਸੂਬਾ ਸਰਕਾਰ ਅਤੇ ਪੰਜਾਬ ਕਲਾ ਪਰਿਸ਼ਦ ਵਲੋਂ ਯਤਨ ਅਰੰਭੇ ਗਏ ਹਨ ਜਿਸ ਤਹਿਤ ਅੱਜ ਮਹਾਨ ਕਵੀ ਧਨੀਰਾਮ ਚਾਤਿ੍ਰਕ ਦੀ ਯਾਦ ਵਿਚ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਪੰਜਾਬ ਕਲਾ ਪਰਿਸ਼ਦ ਨੇ ਚੰਡੀਗੜ ਵਿਚੋਂ ਬਾਹਰ ਨਿਕਲ ਕੇ ਪੰਜਾਬ ਦੇ 12 ਹਜ਼ਾਰ ਪਿੰਡਾਂ ਵਿਚ ਆਪਣੇ ਸਭਿਆਚਾਰ ਅਤੇ ਵਿਰਸੇ ਨੂੰ ਬਚਾਉਣ ਲਈ ਮੁਹਿੰਮ ਆਰੰਭ ਕਰ ਦਿੱਤੀ ਅਤੇ ਇਸੇ ਹੀ ਮੁਹਿੰਮ ਦੇ ਤਹਿਤ ਅੱਜ ਇਹ ਪਹਿਲਾ ਸਮਾਗਮ ਕਰਵਾਇਆ ਜਾ ਰਿਹਾ ਹੈ। ਸ. ਸਿੱਧੂ ਨੇ ਵਿਰਾਸਤ ਨੂੰ ਸਾਂਭਣ ਦੇ ਪ੍ਰੋਜੈਕਟ ਲਈ ਪੰਜਾਬ ਕਲਾ ਪਰਿਸ਼ਦ ਨੂੰ 1 ਕਰੋੜ ਦੀ ਰੁਪਏ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ।

Be the first to comment

Leave a Reply