ਨੌਜਵਾਨ ਰੁਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਭਲਾਈ ਸਕੀਮਾਂ ਦਾ ਫਾਇਦਾ ਉਠਾਉਣ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) : ਪੰਜਾਬ ਦੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨ ਆਪਣੇ ਆਰਥਿਕ ਵਿਕਾਸ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਸ. ਧਰਮਸੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਪਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਬੈਕਵਰਡ ਕਲਾਸਿਜ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਤਹਿਤ ਵਿਭਿੰਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਨੌਜਵਾਨਾਂ ਨੂੰ ਸਸਤੀਆਂ ਦਰਾਂ ‘ਤੇ ਕਰਜ਼ਾ ਮੁਹੱਈਆ ਕਰਵਾਏ ਜਾਂਦੇ ਹਨ, ਜਿਨ੍ਹਾਂ ਨਾਲ ਸਿਖਲਾਈ ਪ੍ਰਾਪਤ ਨੌਜਵਾਨ ਆਪਣੇ ਕਿੱਤੇ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਇਸ ਤੋਂ ਇਲਾਵਾ ਬੈਕਫਿੰਕੋ ਵਲੋਂ ਉਚੇਰੀ ਸਿੱਖਿਆ ਲਈ ਵੀ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।
ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਦੀ ਵਿਆਜ ਦਰ ‘ਤੇ 50 ਹਜ਼ਾਰ ਤੋਂ 1 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗਰਾਫੀ ਅਤੇ ਵੀਡੀਉਗਰਾਫੀ, ਹੌਜਰੀ ਯੂਨਿਟ, ਸਮਾਲ ਸਕੇਲ ਇੱਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਹੋਰਨਾਂ ਕਾਰਪੋਰੇਸ਼ਨਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪੱਛੜੀ ਸ਼੍ਰੇਣੀ ਅਤੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ 3 ਫੀਸਦੀ ਅਤੇ 4.5 ਫੀਸਦੀ ਸਲਾਨਾ ਵਿਆਜ ਦੀ ਦਰ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।

Be the first to comment

Leave a Reply