ਪਹਿਲੀ ਸਤੰਬਰ ਤੋਂ ਸ਼ੁਰੂ ਹੋਵੇਗਾ ਅੰਮ੍ਰਿਤਸਰ ਦਾ ਬੀ.ਆਰ.ਟੀ.ਐਸ. ਪ੍ਰਾਜੈਕਟ: ਨਵਜੋਤ ਸਿੰਘ ਸਿੱਧੂ

ਚੰਡੀਗੜ – ”ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀ.ਆਰ.ਟੀ.ਐਸ. ਪ੍ਰਾਜੈਕਟ ਪਹਿਲੀ ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਇਸ ਲਈ ਲੋੜੀਂਦੀ ਬੁਨਿਆਦੀ ਢਾਂਚੇ ਅਤੇ ਹੋਰ ਨਿਰਮਾਣ ਕੰਮ 31 ਅਗਸਤ ਤੱਕ ਸਾਰੇ ਮੁਕੰਮਲ ਹੋ ਜਾਣਗੇ।” ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਇਸ ਪ੍ਰਾਜੈਕਟ ਸਬੰਧੀ ਉਚ ਪੱਧਰੀ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਸ੍ਰੀ ਓ.ਪੀ.ਸੋਨੀ, ਸੰਸਦ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਕਰਮਜੀਤ ਸਿੰਘ, ਵਿਧਾਇਕ ਸ੍ਰੀ ਸੁਨੀਲ ਦੱਤੀ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਸ੍ਰੀ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ, ਵਿੱਤ ਸ੍ਰੀ ਅਨਿਰੁੱਧ ਤਿਵਾਰੀ, ਸਕੱਤਰ, ਲੋਕ ਨਿਰਮਾਣ ਵਿਭਾਗ ਸ੍ਰੀ ਹੁਸਨ ਲਾਲ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਕਮਲਦੀਪ ਸਿੰਘ ਸੰਘਾ, ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਸਮੇਤ ਹੋਰ ਉਚ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਇਹ ਇੱਛਾ ਜਤਾਈ ਕਿ ਸ. ਸਿੱਧੂ ਖੁਦ ਵਫਦ ਦੀ ਅਗਵਾਈ ਕਰਦੇ ਹੋਏ ਜ਼ਮੀਨੀ ਹਕੀਕਤਾਂ ਜਾਣਨ ਲਈ ਦੌਰਾ ਕਰਨ ਜਿਸ ਤੋਂ ਬਾਅਦ ਮੀਟਿੰਗ ਵਿੱਚ ਮੌਕੇ ‘ਤੇ ਹੀ ਫੈਸਲਾ ਕੀਤਾ ਗਿਆ ਕਿ ਸ. ਸਿੱਧੂ ਸੰਸਦ ਮੈਂਬਰ ਤੇ ਸਬੰਧਤ ਵਿਧਾਇਕਾਂ ਨੂੰ ਨਾਲ ਲੈ ਕੇ 26 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀ.ਆਰ.ਟੀ.ਐਸ. ਪ੍ਰਾਜੈਕਟ ਦਾ ਦੌਰਾ ਕਰ ਕੇ ਜ਼ਮੀਨੀ ਹਕੀਕਤਾਂ ਦਾ ਮੁਆਇਨਾ ਕਰਨਗੇ ਤਾਂ ਜੋ ਇਹ ਪ੍ਰਾਜੈਕਟ ਤੈਅ ਸਮੇਂ ਅੰਦਰ ਮੁਕੰਮਲ ਹੋ ਜਾਵੇ।