ਪੰਜਾਬ ਦੇ ਕੰਟਰੈਕਟ ਮੁਲਾਜ਼ਮਾਂ ਵਲੋਂ ਮੰਤਰੀ ਮਿਲਾਓ ਇਨਾਮ ਪਾਓ’ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਕੰਟਰੈਕਟ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਦੇ ਵਿਲੱਖਣ ਤਰੀਕੇ ਅਪਨਾ ਰਹੇ ਹਨ। ਹੁਣ ਇਨ੍ਹਾਂ ਮੁਲਾਜ਼ਮਾਂ ਦੀ ਐਕਸ਼ਨ ਕਮੇਟੀ ਨੇ ਇਕ ਹੋਰ ਤਰੀਕਾ ਅਪਣਾਉਂਦਿਆਂ ‘ਮੁੱਖ ਮੰਤਰੀ ਮਿਲਾਓ ਇਨਾਮ ਪਾਓ’ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮਿਲਾਉਣ ਵਾਲੇ ਨੂੰ ਵਿਸ਼ੇਸ਼ ਇਨਾਮ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਮਾਰਚ ਮਹੀਨੇ ਵਿਚ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਚੰਡੀਗੜ੍ਹ ਵਿਚ ਭੁੱਖ ਹੜਤਾਲ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਅੱਜ ਕੰਟਰੈਕਟ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰ ਵੱਲੋਂ ਪਿਛਲੇ 11 ਮਹੀਨਿਆਂ ਵਿਚ ਲਾਏ ਗਏ ਲਾਰਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਤੇ ਇਸ ਗੱਲ ‘ਤੇ ਵਿਚਾਰ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਪੰਜਾਬ ਜਾਂ ਕਾਂਗਰਸ ਪ੍ਰਧਾਨ ਨਾਲ ਮੀਟਿੰਗ ਕਿਵੇਂ ਕੀਤੀ ਜਾ ਸਕਦੀ ਹੈ। ਇਸ ਲਈ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ‘ਮੁੱਖ ਮੰਤਰੀ ਮਿਲਾਓ ਇਨਾਮ ਪਾਓ’ ਯੋਜਨਾ ਦੀ ਸ਼ੁਰੂਆਤ ਕਰਨ ਦਾ ਫੈਸਲਾ ਲਿਆ ਗਿਆ। 17 ਫਰਵਰੀ ਨੂੰ ਪੰਜਾਬ ਦੇ ਜਲੰਧਰ, ਸ੍ਰੀ ਅੰਮ੍ਰਿਤਸਰ ਸਾਹਿਬ, ਮੋਹਾਲੀ ਤੇ ਬਠਿੰਡਾ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਆਮ ਜਨਤਾ ਵਿਚ ਜਾ ਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਆਮ ਜਨਤਾ/ਕਾਂਗਰਸੀ ਲੀਡਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਨੌਜਵਾਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ, ਜਿਸ ਦੇ ਇਵਜ਼ ਵਜੋਂ ਉਨ੍ਹਾਂ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ।
ਕੰਟਰੈਕਟ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ, ਅਸ਼ੀਸ਼ ਜੁਲਾਹਾ, ਵਰਿੰਦਰਪਾਲ ਸਿੰਘ, ਰਾਕੇਸ਼ ਕੁਮਾਰ, ਸਤਪਾਲ ਸਿੰਘ, ਰਜਿੰਦਰ ਸਿੰਘ ਸੰਧਾ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਤੇ ਰਵਿੰਦਰ ਰਵੀ ਨੇ ਕਿਹਾ ਕਿ ਜੇਕਰ ਸਰਕਾਰ ਦਾ ਰਵੱਈਆ ਮੁਲਾਜ਼ਮਾਂ ਪ੍ਰਤੀ ਇਵੇਂ ਚੱਲਦਾ ਰਿਹਾ ਤਾਂ ਉਹ ਦਿਨ ਵੀ ਦੂਰ ਨਹੀਂ ਜਦ ਮੁਲਾਜ਼ਮ ਖੁਦਕੁਸ਼ੀਆਂ ਕਰਨ ਨੂੰ ਮਜਬੂਰ ਹੋਣਗੇ।

Be the first to comment

Leave a Reply