ਪੰਜਾਬ ਨੂੰ ਤੰਬਾਕੂ ਰਹਿਤ ਰਾਜ ਬਣਾਇਆਂ ਜਾਵੇਗਾ – ਬ੍ਰਹਮ ਮਹਿੰਦਰਾ

ਪਟਿਆਲਾ – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਆਰੰਭੀ ਵੱਡੀ ਮੁਹਿੰਮ ਤਹਿਤ ਕੈਂਸਰ ਦਾ ਕਾਰਨ ਬਣਦੇ ਤੰਬਾਕੂ ਦਾ ਵੀ ਖਾਤਮਾ ਕਰ ਕੇ ਪੰਜਾਬ ਨੂੰ ਤੰਬਾਕੂ-ਮੁਕਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਇੱਕ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਹ ਵੈਨ ਪੰਜਾਬ ਦੇ ਹਰੇਕ ਜ਼ਿਲੇ ਵਿਚ ਘੱਟੋ-ਘੱਟ 5 ਸਥਾਨਾਂ ‘ਤੇ ਜਾ ਕੇ ਲੋਕਾਂ ਨੂੰ ਤੰਬਾਕੂ ਦੇ ਭੈੜੇ ਪ੍ਰਭਾਵ ਬਾਰੇ ਜਾਗਰੂਕ ਕਰੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਵਿਚ ਰੋਜ਼ਾਨਾ 3500 ਕੀਮਤੀ ਮਨੁੱਖੀ ਜਾਨਾਂ ਤੰਬਾਕੂ ਨਾਲ ਹੋਣ ਵਾਲੀਆਂ ਬੀਮਾਰੀਆਂ ਕਾਰਨ ਅਜਾਈਂ ਚਲੀਆਂ ਜਾਂਦੀਆਂ ਹਨ। ਤੰਬਾਕੂ ਦੀ ਵਰਤੋਂ ਨਾਲ 90 ਫੀਸਦੀ ਮੂੰਹ ਦੇ ਕੈਂਸਰ, ਦਿਲ ਦੇ ਰੋਗ ਅਤੇ ਫੇਫੜਿਆਂ ਦੀਆਂ ਬੀਮਾਰੀਆਂ ਹੁੰਦੀਆਂ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਪਿਛਲੇ ਸਾਲ ਦੌਰਾਨ ਤੰਬਾਕੂ ਦੀ ਵਰਤੋਂ ਕਰਨ ਵਾਲੇ 26909 ਵਿਅਕਤੀਆਂ ਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨ ਜਿੱਥੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ, ਉੱਥੇ ਹੀ ਸਿਵਲ ਸਰਜਨਾਂ ‘ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਵਿਚ ਹੁਣ ਤੱਕ 300 ਤੋਂ ਵੱਧ ਪਿੰਡਾਂ ਨੂੰ ਤੰਬਾਕੂ-ਮੁਕਤ ਐਲਾਨਿਆ ਜਾ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਨ ਲਈ ਇਸ ਕਾਲੇ ਕਾਰੋਬਾਰ ਵਿਚ ਲੱਗੇ ਵਿਅਕਤੀਆਂ ਨੂੰ ਬਖਸ਼ਿਆ ਨਾ ਜਾਵੇ। ਪੱਤਰਕਾਰਾਂ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਸਪੈਸ਼ਲਿਸਟ ਡਾਕਟਰਾਂ ਦੀ ਘਾਟ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿਚ ਸ਼੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਰਕਾਰ ਇਸ ਮਾਮਲੇ ‘ਤੇ ਪਹਿਲਾਂ ਹੀ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।

Be the first to comment

Leave a Reply