ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਦੇ ਮਾਮਲੇ ‘ਚ ਕਿਸੇ ਦਖ਼ਲ ਦੀ ਜ਼ਰੂਰਤ ਨਹੀਂ-ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਦੇ ਮੁੱਦੇ ‘ਤੇ ਫ਼ਿਲਹਾਲ ਕੋਈ ਵੀ ਦਖ਼ਲ ਨਾ ਦੇਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਵਿਚ ਫ਼ਿਲਮ ‘ਤੇ ਪਾਬੰਦੀ ਲਗਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ | ਕੈਪਟਨ ਨੇ ਕਿਹਾ ਕਿ ਫ਼ਿਲਮ ਦੇ ਨਿਰਮਾਤਾ ਵਲੋਂ ਇਸ ਨੂੰ ਰਿਲੀਜ਼ ਨਾ ਕਰਨ ਦੇ ਲਏ ਗਏ ਫ਼ੈਸਲੇ ਦੇ ਮੱਦੇਨਜ਼ਰ ਇਸ ਫ਼ਿਲਮ ‘ਤੇ ਪਾਬੰਦੀ ਲਾਉਣ ਦਾ ਕੋਈ ਵੀ ਫ਼ੈਸਲਾ ਗੈਰ-ਜ਼ਰੂਰੀ ਬਣ ਗਿਆ ਹੈ | ਫ਼ਿਲਮ ਦੇ ਨਿਰਮਾਤਾ ਨੇ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਇਰ ਕਰਕੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਨਾਜ਼ੁਕਤਾ ਨੂੰ ਦੇਖਦੇ ਹੋਏ ਤੇ ਲੋਕਾਂ ਦੀਆਂ ਭਾਵਨਾਵਾਂ ਕਾਰਨ ਉਨ੍ਹਾਂ ਹਾਲ ਦੀ ਘੜੀ ਪੰਜਾਬ ‘ਚ ਫ਼ਿਲਮ ਨਾ ਰਿਲੀਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਥਿਤੀ ਦਾ ਜਾਇਜ਼ਾ ਲਵੇਗੀ ਤੇ ਜੇਕਰ ਭਵਿੱਖ ‘ਚ ਜ਼ਰੂਰੀ ਹੋਇਆ ਤਾਂ ਇਸ ਸਬੰਧ ‘ਚ ਢੁੱਕਵਾਂ ਫ਼ੈਸਲਾ ਲਿਆ ਜਾਵੇਗਾ | ਹਾਲਾਂ ਕਿ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਜ਼ਰੂਰਤ ਪੈਣ ‘ਤੇ ਸਾਰੇ ਸੰਭਾਵੀ ਕਦਮ ਚੁੱਕੇਗੀ ਤਾਂ ਜੋ ਸੂਬੇ ‘ਚ ਕਾਨੂੰਨ ਵਿਵਸਥਾ ‘ਚ ਵਿਘਨ ਨਾ ਪੈਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਫ਼ਿਲਮ ਦੇ ਸਬੰਧ ‘ਚ ਅਕਾਲ ਤਖ਼ਤ ਦੇ ਫ਼ੈਸਲੇ ਦਾ ਵੀ ਨੋਟਿਸ ਲਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਲੇਖਕਾਂ, ਫ਼ਿਲਮ ਨਿਰਮਾਤਾਵਾਂ ਆਦਿ ਨੂੰ ਪ੍ਰਗਟਾਵੇ ਦੀ ਸਿਰਜਣਾਤਮਕਤਾ ਦੀ ਆਜ਼ਾਦੀ ਹੈ, ਪਰ ਇਹ ਆਜ਼ਾਦੀ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਸੰਵੇਦਨਸ਼ੀਲਤਾਵਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ | ਉਨ੍ਹਾਂ ਵਿਰੋਧ ਕਰ ਰਹੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਫ਼ਿਲਮ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਕਰਨ |