ਬਠਿੰਡਾ ਵਿੱਚ 1973 ਦੀ ਧਾਰਾ 144 ਅਧੀਨ ਤਹਿਤ ਵੱਖ-ਵੱਖ ਪਾਬੰਦੀਆਂ ਲਾਗ

ਬਠਿੰਡਾ – ਵਧੀਕ ਜ਼ਿਲਾ ਮੈਜਿਸਟਰੇਟ, ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਾਰੀ ਕੀਤੇ ਗਏ ਹੁਕਮ ਵਿੱਚ ਉਨਾਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ ‘ਤੇ ਵੇਚੇ ਜਾਂ ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਸੂਬੇ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਦਸਾ ਹੈ। ਉਨਾਂ ਕਿਹਾ ਕਿ ਅਜਿਹੇ ਸੀਮਨ ਤੋਂ ਪੈਦਾ ਹੋਈ ਨਸਲ ਬਾਰੇ ਕੁਝ ਪਤਾ ਨਹੀਂ ਹੁੰਦਾ ਇਸ ਨਾਲ ਪਸ਼ੂ ਧਨ ਦੀ ਉਤਪਾਦਤਾ ‘ਤੇ ਮਾੜਾ ਅਸਰ ਪੈ ਸਕਦਾ ਹੈ। ਉਨਾਂ ਦੱਸਿਆ ਕਿ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਈ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਉਨਾਂ ਕਿਹਾ ਕਿ ਇਹ ਪਾਬੰਦੀ ਕੁਝ ਅਦਾਰਿਆਂ ‘ਤੇ ਲਾਗੂ ਨਹੀਂ ਹੁੰਦੀ ਜਿਵੇਂ ਕਿ ਪੰਜਾਬ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ, ਡਿਸਪੈਂਸਰੀਆਂ ਅਤੇ ਪੋਲੀਕਲੀਨਿਕ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੁਆਰਾ ਚਲਾਏ ਜਾ ਰਹੇ ਰੂਰਲ ਵੈਟਰਨਰੀ ਹਸਪਤਾਲ ਜਿਹੜੇ ਪਸ਼ੂ ਪਾਲਣ ਵਿਭਾਗ ਵੱਲੋਂ ਸਪਲਾਈ ਕੀਤਾ ਵੀਰਜ ਵਰਤ ਰਹੇ ਹਨ ਉਨਾਂ ‘ਤੇ ਵੀ ਇਹ ਲਾਗੂ ਨਹੀਂ ਹੁੰਦੀ। ਇਸ ਤੋਂ ਇਲਾਵਾ ਕੋਈ ਵੀ ਮਨਸੂਈ ਗਰਭਦਾਨ ਕੇਂਦਰ ਜਿੱਥੇ ਇੰਪੋਰਟ ਕੀਤਾ ਗਿਆ ਵੀਰਜ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦੁਆਰਾ ਆਪਣੇ ਪਸ਼ੂਆਂ ਦੀ ਵਰਤੋਂ ਲਈ ਵੀਰਜ ਇਸਤੇਮਾਲ ਕਰਨ ਵਾਲਿਆਂ ਤੇ ਵੀ ਇਹ ਲਾਗੂ ਨਹੀਂ ਹੁੰਦਾ।