ਭਾਜਪਾ ਮੂਹਰੇ ਚੁੱਪ ਧਾਰਨਾ ਬਾਦਲਾਂ ਦੀ ਮਜਬੂਰੀ ਪਰ ਬਾਕੀ ਅਕਾਲੀ ਤਾਂ ਪੰਜਾਬ ਦੀ ਖਾਤਰ ਆਵਾਜ਼ ਉਠਾਉਣ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਉਸ ਬਿਆਨ ਨਾਲ ਅਕਾਲੀ-ਭਾਜਪਾ ਗੱਠਜੋੜ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਵੱਡੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੇ ਮੁੱਦਿਆਂ ‘ਤੇ ਕੋਈ ਗੱਲ ਨਹੀਂ ਕੀਤੀ | ਸ੍ਰੀ ਮਲਿਕ ਦੇ ਬਿਆਨ ‘ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਆਗੂ ਦੇ ਬਿਆਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਅਕਾਲੀਆਂ ਤੇ ਭਾਜਪਾਈਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਇੱਥੋਂ ਤੱਕ ਕਿ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਅਤੇ ਅਮਿਤ ਸ਼ਾਹ ਦਰਮਿਆਨ ਪ੍ਰਚਾਰੀ ਮੀਟਿੰਗ ਦੌਰਾਨ ਕਿਸਾਨਾਂ ਦਾ ਮਸਲਾ ਵਿਚਾਰਨਾ ਵੀ ਮੁਨਾਸਬ ਨਹੀਂ ਸਮਝਿਆ | ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਢੀਠਪੁਣੇ ਨਾਲ ਸ੍ਰੀ ਮਲਿਕ ਦਾਅਵਾ ਕਰ ਰਹੇ ਹਨ ਕਿ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮਸਲਾ ਨਹੀਂ ਉਠਾਇਆ ਗਿਆ, ਇਸ ਤੋਂ ਭਾਜਪਾ ਦਾ ਆਪਣੇ ਭਾਈਵਾਲ ਅਕਾਲੀ ਦਲ ਪ੍ਰਤੀ ਤਾਨਾਸ਼ਾਹ ਵਾਲਾ ਰਵੱਈਆ ਪ੍ਰਤੀਤ ਹੁੰਦਾ ਹੈ |