ਮੁਲਾਜ਼ਮ ਜਥੇਬੰਦੀਆਂ ਵੱਲੋਂ ਰੋਹ ਭਰਪੂਰ ਧਰਨਾ

ਹੁਸ਼ਿਆਰਪੁਰ :- ਅੱਜ ਇਥੇ ਵਣ ਵਿਭਾਗ ਦੇ ਖੋਜ ਸਰਕਲ ਬੱਸੀ ਜਾਨਾ ਵਿਖੇ ਵਣਪਾਲ ਦੀਆਂ ਮਨਮਾਨੀਆਂ ਖਿਲਾਫ਼ ਮੁਲਾਜ਼ਮ ਜਥੇਬੰਦੀਆਂ ਵੱਲੋਂ ਰੋਹ ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਵਣਪਾਲ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਉਕਤ ਅਧਿਕਾਰੀ ਵੱਲੋਂ ਪਿਛਲੇ ਦਿਨੀਂ 5 ਸੇਵਾਦਾਰਾਂ ਨੂੰ ਬਿਨਾਂ ਵਜ੍ਹਾ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ 3 ਬੇਲਦਾਰਾਂ ਦਾ ਦਰਜਾ ਘਟਾ ਦਿੱਤਾ ਸੀ, ਜਿਸ ਕਰ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ 14 ਜੁਲਾਈ ਤੋਂ ਇਸ ਅਧਿਕਾਰੀ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਦਰਜਾਚਾਰ ਮੁਲਾਜ਼ਮ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਸ਼ੋਕ ਕੁਮਾਰ ਨੇ ਦੋਸ਼ ਲਾਇਆ ਕਿ ਇਹ ਅਧਿਕਾਰੀ ਆਪਣੇ ਦਫ਼ਤਰ ਨਹੀਂ ਆਉਂਦਾ ਤੇ ਸਰਕਾਰੀ ਕੰਮ-ਕਾਰ ਆਪਣੀ ਚੰਡੀਗੜ੍ਹ ਰਿਹਾਇਸ਼ ਤੋਂ ਹੀ ਕਰਦਾ ਹੈ।
ਆਗੂਆਂ ਨੇ ਦੱਸਿਆ ਕਿ ਦਰਜਾਚਾਰ ਮੁਲਾਜ਼ਮਾਂ ਦੇ ਬਹਾਲ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਅਤੇ ਘਟਾਏ ਗਏ ਬੇਲਦਾਰ ਦੇ ਦਰਜੇ ਨੂੰ ਮੁੜ ਬਹਾਲ ਨਹੀਂ ਕੀਤਾ ਜਾ ਰਿਹਾ। ਜਥੇਬੰਦੀਆਂ ਵੱਲੋਂ ਪ੍ਰਧਾਨ ਮੁੱਖ ਵਣਪਾਲ ਅਤੇ ਸਿਵਲ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਉਕਤ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਅਧਿਕਾਰੀ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀਆਂ ਸੰਘਰਸ਼ ਤਿੱਖਾ ਕਰਨ ਲਈ ਮਜਬੂਰ ਹੋਣਗੀਆਂ।
ਅੱਜ ਦੇ ਧਰਨੇ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਦਰਜਾਚਾਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਸ਼ੋਕ ਕੁਮਾਰ, ਪੀ. ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਯੂਨੀਅਨ ਦੇ ਸੂਬਾ ਚੇਅਰਮੈਨ ਮਨਜੀਤ ਸਿੰਘ ਸੈਣੀ, ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਗੁਰਦਿਆਲ ਸਿੰਘ, ਪੰਜਾਬ ਸਰਕਾਰ ਡਰਾਈਵਰ ਇੰਪਲਾਈਜ਼ ਯੂਨੀਅਨ ਦੇ ਜ਼ਿਲਾ ਪ੍ਰਧਾਨ ਜੀਤ ਸਿੰਘ ਚੌਟਾਲਾ, ਦਰਜਾਚਾਰ ਮੁਲਾਜ਼ਮਾਂ ਦੇ ਆਗੂ ਰਾਮ ਪ੍ਰਸ਼ਾਦ, ਨਿਤਿਨ ਮਹਿਰਾ, ਨਿਰਮਲ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ।

Be the first to comment

Leave a Reply