ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਾਗੜ੍ਹੀ ਦੇ ਜਾਂਬਾਜ਼ ਫੌਜੀਆਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ – ਇਤਿਹਾਸਕ ਸਾਰਾਗੜ੍ਹੀ ਜੰਗ ਦੀ 121 ਵਰੇਗੰਢ ਮੌਕੇ ਅੱਜ ਫ਼ਿਰੋਜ਼ਪੁਰ ਵਿਖੇ ਹੋਏ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਜੰਗ ਵਿੱਚ ਹਿੱਸਾ ਲੈਣ ਵਾਲੇ ਫੌਜੀਆਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਅਗਲੀ ਵਰੇਗੰਢ ਤੋਂ ਪਹਿਲਾਂ ਸਾਰਾਗੜ੍ਹੀ ਦੇ ਜਾਂਬਾਜ਼ ਫੌਜੀਆਂ ਦੀ ਯਾਦ ਨੂੰ ਸਮਰਪਿਤ ਅਤਿ ਆਧੁਨਿਕ ਸਾਰਾਗੜ੍ਹੀ ਯਾਦਗਾਰ ਬਣਾਉਣ ਦਾ ਫਿਰ ਤੋਂ ਭਰੋਸਾ ਦੇ ਗਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸਾਰਾਗੜ੍ਹੀ ਗੁਰਦੁਆਰੇ ਵਿਚ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ ਗਿਆ। ਸਾਰਾਗੜ੍ਹੀ ਗੁਰਦੁਆਰੇ ਵਿਖੇ ਨਤਮਸਤਕ ਹੋਣ ਤੋਂ ਬਾਅਦ ਅੱਜ ਇਥੇ ਇਕ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਮੁੱਖ ਮੰਤਰੀ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਬਰਕੀ ਸਕੁਏਅਰ ਵਿਖੇ ਗਏ ਜਿਨ੍ਹਾਂ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ। ਸਾਰਾਗੜ੍ਹੀ ਗੁਰਦੁਆਰਾ ਕੰਪਲੈਕਸ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਸਮਾਣਾ ਰਿੱਜ (ਹੁਣ ਪਾਕਿਸਤਾਨ) ਨੇੜੇ ਬਹਾਦਰੀ ਦੀ ਮਿਸਾਲ ਕਾਇਮ ਕਰਦੇ ਹੋਏ ਆਪਣੀ ਜਾਨਾਂ ਨਿਛਾਵਰ ਕਰਨ ਵਾਲੇ 36 ਸਿੱਖ ਦੇ 22 ਫੌਜੀਆਂ ਨੂੰ ਯਾਦ ਕੀਤਾ, ਜਿਨ੍ਹਾਂ ਫੌਜੀਆਂ ਨੇ 12 ਸਤੰਬਰ, 1897 ਵਿੱਚ ਤਕਰੀਬਨ 10 ਹਜ਼ਾਰ ਅਫਗਾਨਾਂ ਨਾਲ ਲੜਦੇ ਹੋਏ ਸ਼ਹੀਦੀ ਪਾਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਲਾਲ ਸਿੰਘ, ਲਾਂਸ ਨਾਇਕ ਚੰਦਾ ਸਿੰਘ ਦੇ ਨਾਲ ਹਵਲਦਾਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਸਿੱਖ ਰੈਜੀਮੈਂਟ ਦੇ ਫੌਜੀਆਂ ਨੇ ਮਿਸਾਲੀ ਬਹਾਦਰੀ ਅਤੇ ਨਾਇਕਾਂ ਵਾਲੀ ਭੂਮਿਕਾ ਨਿਭਾਉਂਦੇ ਹੋਏ 10 ਹਜ਼ਾਰ ਅਫਗਾਨਾਂ ਨਾਲ ਆਪਣੇ ਅੰਤਿਮ ਸਾਹਾਂ ਤੱਕ ਲੜਾਈ ਕੀਤੀ।