ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਕਰਨ ਵਾਲੇ ਸੈਂਕੜੇ ਕਿਸਾਨ ਆਗੂ ਗ੍ਰਿਫ਼ਤਾਰ

ਪਟਿਆਲਾ – : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਬਾਗ ਪੈਲੇਸ ਅੱਗੇ ਪੰਜਾਬ ਦੀਆਂ ਸੱਤ ਕਿਸਾਨ ਜੱਥੇਬੰਦੀਆਂ ਵੱਲੋਂ 22 ਸਤੰਬਰ ਤੋਂ 5 ਦਿਨਾਂ ਤੱਕ ਦਿੱਤੇ ਜਾਣ ਵਾਲੇ ਧਰਨੇ ਨੂੰ ਅਸਫਲ ਬਣਾਉਣ ਲਈ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਸ਼ੁਰੂ ਹੋ ਗਈਆਂ ਹਨ। ਪੁਲਿਸ ਨੇ ਹੁਣ ਤੱਕ ਸੈਂਕੜੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਧਰ ਇਸ ਮਸਲੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਪੰਜਾਬ ਦੇ ਡੀਜੀਪੀ ਸ੍ਰੀ ਸੁਰੇਸ਼ ਅਰੋੜਾ ਖੁਦ ਪਟਿਆਲਾ ਵਿਖੇ ਪੁੱਜੇ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਪਟਿਆਲਾ ਦੇ ਉਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਧਰਨੇ ਸਬੰਧੀ ਪੁਲਿਸ ਨੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੂੰ ਤੜਕਸਾਰ ਹਿਰਾਸਤ ਵਿਚ ਲੈ ਲਿਆ। ਉਧਰ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦੇ ਸਾਹਮਣੇ ਦਿੱਤੇ ਜਾਣ ਵਾਲੇ ਪੰਜ ਦਿਨਾਂ ਧਰਨੇ ਨੂੰ ਅਸਫ਼ਲ ਕਰਨ ਲਈ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਛਾਪੇਮਾਰੀ ਦੀ ਵੱਖ-ਵੱਖ ਜਨਤਕ ਅਤੇ ਜ਼ਮਹੂਰੀ ਜੱਥੇਬੰਦੀਆਂ ਤੇ ਆਧਾਰਿਤ ਲੋਕ ਸੰਘਰਸ਼ ਕਮੇਟੀ ਵੱਲੋਂ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਪਤਾ ਲੱਗਿਆ ਹੈ ਕਿ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ‘ਚੋਂ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਹਨ ਅਤੇ ਜੋ ਜਾਰੀ ਵੀ ਹਨ।
ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਸ੍ਰੀ ਸੁਰੇਸ਼ ਅਰੋੜਾ ਨੇ ਕਿਹਾ ਕਿ ਆਪਣੇ ਹੱਕ ਮੰਗਣ ਜਾਂ ਸੰਘਰਸ਼ ਕਰਨ ਦਾ ਹਰ ਇਕ ਨੂੰ ਹੱਕ ਹੈ, ਪਰ ਅਸੀਂ ਪੰਚਕੂਲੇ ਵਰਗੇ ਹਾਲਾਤ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਗੂਆਂ ਨੇ ਸੰਘਰਸ਼ ਕਰਨਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖ ਕੇ ਦੇਣ ਅਤੇ ਆਪਣੇ ਸਾਰੇ ਪ੍ਰੋਗਰਾਮ ਬਾਰੇ ਸੂਚਨਾ ਦੇਣ, ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਬਕਾਇਦਾ ਕਿਸਾਨਾਂ ਨੂੰ ਧਰਨੇ ਲਈ ਜਗ੍ਹਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹਾਲਾਤ ਖਰਾਬ ਕਰਨ ਦੇ ਮਕਸਦ ਨਾਲ ਕੀਤੇ ਜਾਣ ਵਾਲੇ ਸੰਘਰਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸ੍ਰੀ ਅਰੋੜਾ ਨੇ ਸ਼ਹਿਰ ਦੇ ਪੋਲੋ ਗਰਾਊਂਡ ਸਮੇਤ ਕੁਝ ਹੋਰ ਇਲਾਕਿਆਂ ਦਾ ਦੌਰਾ ਵੀ ਕੀਤਾ। ਇਸ ਮਾਮਲੇ ਸਬੰਧੀ ਲੋਕ ਸੰਘਰਸ਼ ਕਮੇਟੀ ਦੇ ਆਗੂ ਰਮਿੰਦਰ ਪਟਿਆਲਾ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਕਿਸਾਨੀ ਕਰਜ਼ਾ ਮੁਆਫੀ ਨੂੰ ਮੁੱਖ ਮੁੱਦਾ ਬਣਾਇਆ ਗਿਆ ਸੀ। ਪਰ ਸਰਕਾਰ ਵਿਚ ਆਉਣ ਤੋਂ ਬਾਅਦ ਕਾਂਗਰਸ ਸਰਕਾਰ ਨੇ ਇਸ ਮੁੱਦੇ ਉੱਤੇ ਹੁਣ ਤੱਕ ਸਿਰਫ਼ ਬਿਆਨਬਾਜ਼ੀ ਹੀ ਕੀਤੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਿਸਾਨ ਜੱਥੇਬੰਦੀਆਂ ਖੇਤੀ ਸੰਕਟ ਦੇ ਹੱਲ ਲਈ ਕਿਸਾਨ ਕਰਜ਼ਾ ਮੁਆਫ਼ੀ ਸਮੇਤ ਬਾਕੀ ਮੰਗਾਂ ਦੀ ਪੂਰਤੀ ਲਈ ਲੋਕਤੰਤਰੀ ਤਰੀਕੇ ਨਾਲ ਇੱਕਠੇ ਹੋ ਕੇ ਆਵਾਜ਼ ਬੁਲੰਦ ਕਰਨਾ ਚਾਹੁੰਦੀਆਂ ਹਨ ਤਾਂ ਇਸ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਆਗੂਆਂ ਦੇ ਘਰਾਂ ਉੱਤੇ ਛਾਪੇਮਾਰਨਾ ਜਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚਲੇ ਫਰਕ ਦਾ ਹੀ ਪ੍ਰਗਟਾਵਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕਿਸਾਨ ਸੰਘਰਸ਼ ਸਬੰਧੀ ਕੀਤੀ ਜਾ ਰਹੀ ਗਲਤ ਬਿਆਨੀ ਤੋਂ ਸੁਚੇਤ ਰਹਿਣ।

Be the first to comment

Leave a Reply