ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਪੁਲਿਸ ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸਿੰਘ ਦੇ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਤੋੜਨ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਵਿਰੁੱਧ ਸਖਤ ਚੇਤਾਵਨੀ ਦਿੱਤੀ ਹੈ।

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੂਬਾ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸੁਰੱਖਿਆ ਬਣਾਈ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਫੋਰਸ ਦੀਆਂ 75 ਕੰਪਨੀਆਂ ਪ੍ਰਾਪਤ ਹੋਈਆਂ ਹਨ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।

ਸੂਬੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।

ਹਰਿਆਣਾ ਪੁਲਸ ਵੱਲੋਂ ਡੇਰ ਮੁਖੀ ਦੇ ਵਿਰੁੱਧ ਦਰਜ ਕੀਤੇ ਬਲਾਤਕਾਰ ਦੇ ਕੇਸ ਦੇ ਸਬੰਧ ਵਿੱਚ ਪੰਚਕੂਲਾ ਅਦਾਲਤ ਵੱਲੋਂ 25 ਅਗਸਤ ਨੂੰ ਫੈਸਲਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿੱਜੀ ਤੌਰ ’ਤੇ ਨਾਜੁਕ ਇਲਾਕਿਆਂ ਦਾ ਦੌਰਾ ਕਰਨ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਸੁਰੱਖਿਆ ਪ੍ਰਬੰਧ ਯਕੀਨੀ ਬਨਾਉਣ।

ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਅੱਜ ਸਵੇਰੇ ਬਠਿੰਡਾ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ ਹੋਰ ਨਾਜ਼ੁਕ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਅਰੋੜਾ ਨੇ ਬਠਿੰਡਾ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਅਤੇ ਸੂਬੇ ਵਿੱਚ ਹਰ ਹਾਲਤ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ। ਬਠਿੰਡਾ ਤੋਂ ਇਲਾਵਾ ਡੀ.ਜੀ.ਪੀ. ਨੇ ਮਾਨਸਾ, ਮੋਗਾ, ਪਟਿਆਲਾ, ਲੁਧਿਆਣਾ ਦਿਹਾਤੀ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਦਾ ਵੀ ਦੌਰਾ ਕੀਤਾ।

ਬਠਿੰਡਾ ਦੇ ਸਿਰਸੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਪੱਧਰ ’ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਸਿਰਸਾ ਡੇਰਾ ਸੱਚਾ ਸੌਦਾ ਦਾ ਹੈਡ ਕੁਆਟਰ ਹੈ। ਪੁਲਿਸ ਨੇ ਸੀ.ਆਰ.ਪੀ.ਐਫ. ਅਤੇ ਰੈਪਿਡ ਐਕਸ਼ਨ ਫੋਰਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ। ਇਸ ਤਰ੍ਹਾਂ ਦਾ ਮਾਰਚ ਮੋਗਾ ਵਿਖੇ ਵੀ ਕੀਤਾ ਗਿਆ। ਪੁਲਿਸ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨਾਲ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

ਡੀ.ਜੀ.ਪੀ. ਨੂੰ ਨਾਜ਼ੁਕ ਖੇਤਰਾਂ ਦਾ ਹਵਾਈ ਸਰਵੇ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੈਲੀਕਪਟਰ ਮੁਹਈਆ ਕਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਨਾਜ਼ੁਕ ਇਲਾਕਿਆਂ ਦੇ ਜ਼ਮੀਨੀ ਹਾਲਤਾਂ ’ਤੇ ਨੇੜੀਓਂ ਨਿਗਾ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੁਰੱਖਿਆ, ਖੂਫੀਆ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਅਫਵਾਹਾਂ ਫੈਲਾਉਣ ਜਾਂ ਭੜਕਾਊ ਬਿਆਨ ਦੇਣ ਜਾਂ ਕਾਰਜ ਕਰਨ ਵਾਲੇ ਤੱਤਾਂ ਨਾਲ ਸਖਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ।

Be the first to comment

Leave a Reply