ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ’

ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਐਜੂਕੇਸ਼ਨ ਤੇ ਖੋਜ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਸਵੇਰੇ ‘ਨਵਾਂ ਵਰ੍ਹਾ-2018’ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਵਿਦਿਆਰਥੀਆਂ, ਰਜਿੰਦਰਾ ਹਸਪਤਾਲ, ਏ.ਪੀ. ਜੈਨ ਸਿਵਲ ਹਸਪਤਾਲ ਰਾਜਪੁਰਾ ਦੀ ਐਮਰਜੈਂਸੀ ‘ਚ ਦਾਖਲ ਮਰੀਜਾਂ, ਡਾਕਟਰਾਂ ਤੇ ਹੋਰ ਸਟਾਫ਼ ਨਾਲ ਮਨਾ ਕੇ ਇਕ ਨਵੀਂ ਪਿਰਤ ਪਾਈ। ਆਪਣੀ ਇਸ ਫੇਰੀ ਦੌਰਾਨ ਸ੍ਰੀ ਮਹਿੰਦਰਾ ਨੇ ਜਿਥੇ ਮੈਡੀਕਲ ਕਾਲਜ ਦੇ ਵਿਦਿਆਰਥੀਆਂ, ਫੈਕਲਟੀ ਤੇ ਸਟਾਫ਼ ਸਮੇਤ ਇਥੇ ਦਾਖਲ ਮਰੀਜਾਂ, ਡਾਕਟਰਾਂ ਤੇ ਹੋਰ ਅਮਲੇ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉਥੇ ਹੀ ਉਨ੍ਹਾਂ ਨੇ ਮਠਿਆਈ ਵੰਡ ਕੇ ਇਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਜਾਣੀਆਂ। ਇਸ ਮੌਕੇ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਰਜਿੰਦਰਾ ਹਸਪਤਾਲ ਦੇ ਸੁਧਾਰ ਲਈ 100 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਸੀ ਜਿਸ ਵਿਚੋਂ 88 ਕਰੋੜ ਰੁਪਏ ਦਾ ਪ੍ਰਾਜੈਕਟ ਬਣਾ ਕੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਇਸ ਨਾਲ ਉਪਰੇਸ਼ਨ ਥੀਏਟਰ, ਜਲ ਸਪਲਾਈ, ਬਾਥਰੂਮਾਂ ਅਤੇ ਪਾਰਕਾਂ ਸਮੇਤ ਐਮਰਜੈਂਸੀ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ ਦੇ ਸੁਧਾਰ ਲਈ ਮੁੱਖ ਮੰਤਰੀ ਵਲੋਂ ਬਣਾਈ ਗਈ ਉਚ ਤਾਕਤੀ ਕਮੇਟੀ ਦੀ ਮੀਟਿੰਗ ਇਸੇ ਮਹੀਨੇ ਪਟਿਆਲਾ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਜਿਥੇ ਕਿਤੇ ਮੁਰੰਮਤ ਦੀ ਲੋੜ ਹੈ ਉਸਨੂੰ ਪਹਿਲ ਦੇ ਆਧਾਰ ‘ਤੇ ਠੀਕ ਕਰਵਾਇਆ ਜਾਵੇਗਾ। ਮਰੀਜਾਂ ਦਾ ਹਾਲ-ਚਾਲ ਜਾਣਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।

Be the first to comment

Leave a Reply