ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਦੇ ਫੋਕੇ ਵਾਅਦਿਆਂ ਨੂੰ ‘ਜੁਮਲਾ’ ਕਰਾਰ ਦਿੱਤਾ

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਸਾਨਾਂ ਦੀ ਕਮਾਈ ਨੂੰ ਦੁੱਗਣੀ ਕਰਨ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੋਕੇ ਵਾਅਦਿਆਂ ਨੂੰ ‘ਜੁਮਲਾ’ ਕਰਾਰ ਦਿੱਤਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕਤਾ ਨੂੰ ਤਬਾਹ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਪਹਿਲੀ ਵਾਰ ਮੋਦੀ ਸਰਕਾਰ ‘ਤੇ ਜੰਮ ਕੇ ਵਾਰ ਕੀਤੇ। ਡਾ. ਮਨਮੋਹਨ ਸਿੰਘ ਨੇ ਕਾਂਗਰਸ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਨੇ ਛੋਟੇ ਤੇ ਦਰਮਿਆਨੇ ਉਦਯੋਗਾਂ ਲਈ ਸਮੱਸਿਆਵਾਂ ਖੜ੍ਹੀਆਂ ਕਰ ਦਿੱਤੀਆਂ ਹਨ। ਹੋਰ ਖੇਤਰਾਂ ਲਈ ਵੀ ਸਮੱਸਿਆ ਪੈਦਾ ਕੀਤੀ ਹੈ। ਉਨ੍ਹਾਂ ਨੇ ਕਿਹਾ, ”ਭਾਜਪਾ ਸਰਕਾਰ ਨੇ ਆਰਥਿਕਤਾ ਨੂੰ ਚੌਪਟ ਕੀਤਾ ਹੈ।” ਜਦੋਂ ਮੋਦੀ (2014) ‘ਚ ਚੋਣ ਪ੍ਰਚਾਰ ‘ਚ ਆਏ, ਉਨ੍ਹਾਂ ਲੰਬੇ-ਚੌੜੇ ਵਾਅਦੇ ਕੀਤੇ ਸੀ, ਉਹ ਪੂਰੇ ਨਹੀਂ ਹੋਏ। ਕਾਂਗਰਸ ਲੀਡਰ ਨੇ ਨੋਟਬੰਦੀ ਤੇ ਗੁੱਡਜ਼ ਐਂਡ ਸਰਵਿਸ ਟੈਕਸ ਲਾਗੂ ਕਰਨ ਦੇ ਢੰਗਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰ ਸਾਲ ਦੋ ਕਰੋੜ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਕੁਝ ਨਹੀਂ ਹੋਇਆ। ਉਨ੍ਹਾਂ ਨੇ ਕਿਹਾ, “ਅਸੀਂ ਦੋ ਲੱਖ ਨੌਕਰੀਆਂ ਵੀ ਨਹੀਂ ਵੇਖੀਆਂ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਨੋਟਬੰਦੀ ਦੇ ਸਬੰਧ ਵਿੱਚ ਬਗੈਰ ਸੋਚੇ-ਵਿਚਰੇ ਹੋਏ ਫੈਸਲੇ ਤੇ ਜਲਦਬਾਜ਼ੀ ‘ਚ ਜੀਐਸਟੀ ਲਾਗੂ ਕਰਨ ਦੇ ਫੈਸਲੇ ਨਾਲ ਰੁਜ਼ਗਾਰ ਖਤਮ ਹੋ ਗਏ ਹਨ। ਮਨਮੋਹਨ ਨੇ ਕਿਹਾ, “ਮੋਦੀ ਨੇ ਖ਼ੁਦ ਕਿਹਾ ਸੀ ਕਿ ਛੇ ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਨੂੰ ਦੁਗਣੀ ਕਰ ਦੇਵਾਂਗੇ, ਜੋ ਨਹੀਂ ਕਰ ਸਕੇ।