ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਏਗੀ ਪੰਜਾਬ ਸਰਕਾਰ – ਰੰਧਾਵਾ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕੋਈ ਵੀ ਸਹਿਕਾਰੀ ਖੰਡ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਬਲਕਿ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੌਜੂਦਾ ਸਥਿਤੀ ਅਤੇ ਭਵਿੱਖ ‘ਚ ਕੀਤੇ ਜਾਣ ਵਾਲੇ ਸੁਧਾਰ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਘਾਟੇ ‘ਚ ਚੱਲ ਰਹੀਆਂ ਸਹਿਕਾਰੀ ਖੰਡ ਮਿੱਲਾਂ ਦਾ ਨਵੀਨੀਕਰਨ ਕਰ ਕੇ ਉਨ੍ਹਾਂ ਤੋਂ ਵਧੀਆ ਨਤੀਜੇ ਪ੍ਰਾਪਤ ਕੀਤੇ ਜਾਣਗੇ। ਰੰਧਾਵਾ ਨੇ ਕਿਹਾ ਕਿ ਲੋੜ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਦੀ ਮਸ਼ੀਨਰੀ ‘ਚ ਸੁਧਾਰ ਕੀਤਾ ਜਾਵੇਗਾ ਜਾਂ ਨਵੀਂ ਮਸ਼ੀਨਰੀ ਲਾਈ ਜਾਵੇਗੀ। ਮੀਟਿੰਗ ਦੌਰਾਨ ਸਹਿਕਾਰਤਾ ਮੰਤਰੀ ਨੇ ਸਾਰੀਆਂ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਅਤੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਿੱਜੀ ਖੰਡ ਮਿੱਲਾਂ ਨੂੰ ਲਾਭ ਪਹੁੰਚਾਉਣੇ ਬੰਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੇ ਬਰਾਬਰ ਸਹਿਕਾਰੀ ਖੰਡ ਮਿੱਲਾਂ ਤੋਂ ਨਤੀਜੇ ਪ੍ਰਾਪਤ ਕੀਤੇ ਜਾਣ। ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਕ ਹੋਰ ਅਹਿਮ ਐਲਾਨ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਹ ਸਾਰੀਆਂ ਖੰਡ ਮਿੱਲਾਂ ਦਾ ਖੁਦ ਦੌਰਾ ਕਰਨਗੇ, ਜਿੱਥੇ ਸਹਿਕਾਰੀ ਖੰਡ ਮਿੱਲਾਂ ਘਾਟੇ ‘ਚ ਜਾਣ ਅਤੇ ਸੁਧਾਰਾਂ ਸਬੰਧੀ ਹਿੱਸੇਦਾਰਾਂ ਅਤੇ ਕਿਸਾਨਾਂ ਨਾਲ ਖੁੱਲ੍ਹੇ ਮੰਚ ‘ਤੇ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਮੌਕੇ ਜਨਰਲ ਮੈਨੇਜਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਲੋਕਾਂ ਦੇ ਸਵਾਲਾਂ ਦੇ ਸਭ ਦੇ ਸਹਾਮਣੇ ਜਵਾਬ ਦੇਣੇ ਪੈਣਗੇ। ਉਨ੍ਹਾਂ ਇਸ ਮੌਕੇ ਸਹਿਕਾਰੀ ਖੰਡ ਮਿੱਲਾਂ ਦੇ ਘਾਟੇ ‘ਚ ਜਾਣ ਸਬੰਧੀ ਪਿਛਲੇ 3 ਸਾਲਾਂ ਦਾ ਰਿਕਾਰਡ ਖੰਗਾਲਣ ਦੇ ਆਦੇਸ਼ ਵੀ ਦਿੱਤੇ ਅਤੇ ਕਿਹਾ ਕਿ ਕਸੂਰਵਾਰ ਪਾਏ ਜਾਣ ਵਾਲੇ ਅਧਿਕਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਸੰਗਤ ਸਿੰਘ ਗਿਲਜੀਆਂ, ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ, ਚੌਧਰੀ ਦਰਸ਼ਨ ਲਾਲ ਵਿਧਾਇਕ, ਹਰਮਿੰਦਰ ਸਿੰਘ ਗਿੱਲ ਵਿਧਾਇਕ, ਹਰਪ੍ਰਤਾਪ ਸਿੰਘ ਅਜਨਾਲਾ ਵਿਧਾਇਕ, ਧਰਮਵੀਰ ਅਗਨੀਹੋਤਰੀ ਵਿਧਾਇਕ, ਕੁਲਬੀਰ ਸਿੰਘ ਜੀਰਾ ਵਿਧਾਇਕ, ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ, ਹਰਦੇਵ ਸਿੰਘ ਲਾਡੀ ਵਿਧਾਇਕ, ਕੁਲਦੀਪ ਸਿੰਘ ਵੈਦ ਵਿਧਾਇਕ, ਲਖਬੀਰ ਸਿੰਘ ਲੱਖਾ ਵਿਧਾਇਕ, ਦਵਿੰਦਰ ਸਿੰਘ ਘੁਬਾਇਆ ਵਿਧਾਇਕ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਰਜਿਸਟਰਾਰ ਸਹਿਕਾਰੀ ਸੁਸਾਇਟੀ ਵਿਕਾਸ ਗਰਗ, ਸ਼ੂਗਰਫੈੱਡ ਦੇ ਪ੍ਰਬੰਧਕੀ ਨਿਰਦੇਸ਼ਕ ਗੁਰਲਵਲੀਨ ਸਿੰਘ ਅਤੇ ਵੱਖ-ਵੱਖ ਸਹਿਕਾਰੀ ਖੰਡ ਮਿੱਲਾਂ ਦੇ ਜੀ. ਐੱਮ. ਵੀ. ਮੌਜੂਦ ਸਨ।