ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ

ਚੰਡੀਗੜ੍ਹ  : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਨੇ ਕਿਹਾ ਹੈ ਕਿ ਪਿਛਲੇ 10 ਸਾਲ ਅਕਾਲੀ ਭਾਜਪਾ ਸਰਕਾਰ ਨੇ ਸੂਬੇ ‘ਚ ‘ਆਰਥਿਕ ਅੱਤਵਾਦ’ ਫੈਲਾ ਰੱਖਿਆ ਸੀ ਜਿਸਦਾ ਬਹੁਤ ਵੱਡਾ ਨੁਕਸਾਨ ਰਾਜ ਸਰਕਾਰ ਤੇ ਸੂਬੇ ਦੇ ਲੋਕਾਂ ਨੂੰ ਝੱਲਣਾ ਪਿਆ ਹੈ। ਅੱਜ ਬਟਾਲਾ ਵਿਖੇ ਵਿਆਹ ਪੁਰਬ ਦੌਰਾਨ ਨਤਮਸਤਕ ਹੋਣ ਆਏ ਕੈਬਨਿਟ ਮੰਤਰੀ ਸ. ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਆਰਥਿਕ ਤੌਰ ‘ਤੇ ਕੰਗਾਲ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 10 ਸਾਲਾਂ ‘ਚ ਰੇਤ ਮਾਫੀਆ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਹਰ ਆਰਥਿਕ ਮੁਹਾਜ ‘ਤੇ ਨਿੱਜੀ ਫਾਇਦੇ ਲੈਣ ਦੀਆਂ ਕੋਸ਼ਿਸ਼ਾਂ ਹੀ ਕੀਤੀਆਂ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਸਰਕਾਰੀ ਪੈਸੇ ਦੀ ਪੂਰੀ ਤਰਾਂ ਦੁਰਵਰਤੋਂ ਕੀਤੀ ਅਤੇ ਗ੍ਰਾਂਟ ਨੂੰ ਲਗਾਉਣ ਵੇਲੇ ਵੀ ਵੱਡੇ ਪੱਧਰ ‘ਤੇ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਾਦਲ ਸਰਕਾਰ ਦੇ ਕੰਮਾਂ ਦਾ ਆਡਿਟ ਕੀਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਅਰੰਭੀ ਗਈ ਹੈ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਹਿਲੇ ਛੇ ਮਹੀਨੇ ਸੂਬੇ ਦੇ ਵਿਕਾਸ ਦੀ ਰੂਪ ਰੇਖਾ ਉਲੀਕੀ ਗਈ ਹੈ ਅਤੇ ਅਗਲੇ ਸਾਢੇ ਚਾਰ ਸਾਲ ਇਸਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਸ. ਸਿੱਧੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੀ ਸ਼ਹਿਰੀ ਵਸੋਂ ਨੂੰ ਹਰ ਬੁਨਿਆਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ਦੇ ਖਰਚ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਪੱਧਰ ‘ਤੇ ਕੋਈ ਗੜਬੜੀ ਜਾਂ ਹੇਰਾਫੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅਖੀਰ ਤੱਕ ਨਗਰ ਨਿਗਮਾਂ ਦੀਆਂ ਚੋਣਾਂ ਕਰਾਈਆਂ ਜਾਣਗੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਇਹ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੀਆਂ ਜਾਣਗੀਆਂ।

Be the first to comment

Leave a Reply