ਸਿੱਖਿਆ ਮੰਤਰੀ ਅਰੁਣਾ ਚੌਧਰੀ ਮੋਹਾਲੀ ਦੇ ਪ੍ਰਾਇਮਰੀ ਸਕੂਲ ਵਿਖੇ ਹੋਣ ਵਾਲੇ ਸਮਾਰੋਹ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕਰਨਗੇ

ਚੰਡੀਗੜ੍ਹ-  ਸਿੱਖਿਆ ਮੰਤਰੀ ਅਰੁਣਾ ਚੌਧਰੀ ਮੋਹਾਲੀ ਦੇ ਫੇਜ਼-7 ਸਥਿਤ ਇਕ ਪ੍ਰਾਇਮਰੀ ਸਕੂਲ ਵਿਖੇ ਹੋਣ ਵਾਲੇ ਸਮਾਰੋਹ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਕਰਨਗੇ। ਸਾਰੇ ਪੰਜਾਬ ਦੇ 12500 ਪ੍ਰਾਇਮਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਨੂੰ ਖੇਡ ਮਹਿਲ ਦਾ ਨਾਂ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਚੌਧਰੀ ਨੇ ਭਲਕੇ ਬਾਲ ਦਿਵਸ ਨੂੰ ਪੰਜਾਬ ਦੀ ਸਿੱਖਿਆ ਦੇ ਖੇਤਰ ਖਾਸ ਕਰ ਕੇ ਪ੍ਰਾਇਮਰੀ ਸਿੱਖਿਆ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੇਖਿਆ ਗਿਆ ਸੁਪਨਾ ਹਕੀਕਤ ਵਿਚ ਬਦਲ ਗਿਆ ਹੈ।   ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਬੱਚਿਆਂ ਲਈ ਬਾਲ ਦਿਵਸ ਦਾ ਇਸ ਤੋਂ ਵੱਡਾ ਤੋਹਫਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਨਾਲ ਜਿਥੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ, ਉਥੇ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਣਗੇ। ਇਸੇ ਦੌਰਾਨ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਕੱਲ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਸਮਾਗਮ ਹੋਣਗੇ ਤੇ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ ਦਾਖਲ ਬੱਚਿਆਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਖੇਡ ਮਹਿਲ’ ਦੇ ਨਾਂ ਨਾਲ ਸ਼ੁਰੂ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਨਰਸਰੀ, ਐੱਲ. ਕੇ. ਜੀ. ਤੇ ਯੂ. ਕੇ. ਜੀ. ਵਿਚ ਦਾਖਲ ਕੀਤਾ ਗਿਆ ਹੈ।

Be the first to comment

Leave a Reply

Your email address will not be published.


*