ਸੈਲਾਨੀਆਂ ਦੀ ਸਹੂਲਤ ਲਈ ਰੈਸਟੋਰੈਂਟ, ਟੈਂਟ ਹਾਊਸ, ਕੈਫ਼ੇ ਸਮੇਤ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ

ਫ਼ਿਰੋਜ਼ਪੁਰ – ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਵਿਕਸਿਤ ਕਰਨ, ਲੋਕਾਂ ਲਈ ਰੁਜ਼ਗਾਰ ਦੇ ਵੱਡੇ ਅਵਸਰ ਪੈਦਾ ਕਰਨ ਅਤੇ ਸੈਲਾਨੀਆਂ ਨੂੰ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਉਣ ਲਈ ਸ਼ਹੀਦੀ ਸਮਾਰਕ ਹੁਸੈਨੀਵਾਲਾ, ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਅਤੇ ਹਰੀਕੇ ਵੈੱਟਲੈਂਡ ਸਮੇਤ ਰਾਜ ਦੀਆਂ 30 ਦੇ ਕਰੀਬ ਇਤਿਹਾਸਿਕ ਮਹੱਤਤਾ ਵਾਲੀਆਂ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਪ੍ਰਾਜੈਕਟ ਤੇ 600 ਕਰੋੜ ਰੁਪਏ ਖ਼ਰਚ ਕਰਨ ਦੀ ਯੋਜਨਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਹੀਦ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕਰਨ ਉਪਰੰਤ ਕੀਤਾ। ਕੈਬਨਿਟ ਮੰਤਰੀ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਦੀ ਮਹੱਤਤਾ ਨੂੰ ਸਮਝਦਿਆਂ ਅਤੇ ਇਸ ਇਤਿਹਾਸਿਕ ਸਥਾਨ ਤੇ ਦੇਸ਼ ਤੇ ਵਿਦੇਸ਼ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਵੱਡੀ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਸ਼ਹੀਦੀ ਸਮਾਰਕ ਅਤੇ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਦੇ ਵਿਕਾਸ ਤੇ ਅਤੇ ਇਸ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਤੇ 10 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਤਹਿਤ ਸ਼ਹੀਦੀ ਸਮਾਰਕ ਦਾ ਜਿੱਥੇ ਕਾਇਆ ਕਲਕ ਕੀਤਾ ਜਾਵੇਗਾ ਉੱਥੇ ਹੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਲੇਜ਼ਰ ਸ਼ੋਅ ਰੈਸਟੋਰੈਂਟ, ਲੈਂਡ ਸਕੀਪਿੰਗ ਪਖਾਨੇ ਸਮੇਤ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਉਨ੍ਹਾਂ ਦੇ ਵਿਭਾਗ ਨੂੰ ਇਨ੍ਹਾਂ ਥਾਵਾਂ ਦੇ ਵਿਕਾਸ ਲਈ ਜੋ-ਜੋ ਤਜਵੀਜ਼ ਭੇਜੀ ਗਈ ਹੈ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੇ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਸਾਡੀ ਆਸਥਾ ਦਾ ਕੇਂਦਰ ਹਨ ਤੇ ਇਸ ਦੇ ਵਿਕਾਸ ਤੇ ਇਸ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਦੇ ਕੇ ਵਿਕਸਿਤ ਕੀਤਾ ਜਾਵੇਗਾ।