ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼

ਫਾਜ਼ਿਲਕਾ – ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਬਲਬੀਰ ਰਾਜ ਸਿੰਘ ਦੀ ਅਗਵਾਈ ਵਿੱਚ ਮੌਨਸੂਨ ਸੀਜ਼ਨ 2018 ਦੌਰਾਨ ਆਉਣ ਵਾਲੇ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਹੋਈ ਇਸ ਬੈਠਕ ਦੌਰਾਨ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਮੁੱਖ ਰੱਖਦਿਆਂ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਵਾਲੇ ਹੜ੍ਹ ਰੋਕੂ ਅਗਾਊਂ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰ ਲਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪੋ-ਆਪਣੇ ਵਿਭਾਗ ਵਿਖੇ ਇਕ-ਇਕ ਨੋਡਲ ਅਫਸਰ ਨਿਯੁਕਤ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਵਿਖੇ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਾਲ-ਨਾਲ ਟੋਲ ਫ੍ਰੀ ਨੰਬਰ ਵੀ 24 ਘੰਟੇ ਚਾਲੂ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਸਮੇਂ ਸੰਪਰਕ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਅਗਾਊਂ ਪ੍ਰਬੰਧਾਂ ਸਬੰਧੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਰਿਪੋਰਟਾਂ 28 ਮਈ ਤੱਕ ਦਫਤਰ ਵਿਖੇ ਭੇਜਣੀਆਂ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ।