ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਹਸਪਤਾਲ ‘ਚ ਦਾਖਲ

ਸ਼ਿਮਲਾ— ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸ਼ੁੱਕਰਵਾਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਆਈ. ਜੀ. ਐੱਮ. ਸੀ. ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਸਾਹ ਲੈਣ ‘ਚ ਪਰੇਸ਼ਾਨੀ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਖਬਰਾਂ ਮੁਤਾਬਕ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਠੀਕ ਦੱਸੀ ਹੈ, ਜਦਕਿ ਸਾਬਕਾ ਮੁੱਖ ਮੰਤਰੀ ਦੇ ਹਸਪਤਾਲ ਪਹੁੰਚਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦਾ ਚੈਕਅੱਪ ਕੀਤਾ ਅਤੇ ਕੁੱਝ ਟੈਸਟ ਵੀ ਕਰਵਾਏ, ਨਾਲ ਹੀ ਦਵਾਈਆਂ ਵੀ ਸ਼ੁਰੂ ਕਰ ਦਿੱਤੀਆਂ। ਦੱਸਿਆ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਹਸਪਤਾਲ ‘ਚ ਵਿਧਾਨਸਭਾ ਉਪ ਪ੍ਰਧਾਨ ਹੰਸਰਾਜ ਵੀ ਪਹੁੰਚੇ ਸਨ। ਇਸ ਤੋਂ ਇਲਾਵਾ ਵੀਰਭੱਦਰ ਸਿੰਘ ਨਾਲ ਉਨ੍ਹਾਂ ਦੀ ਪਤਨੀ ਸਾਬਕਾ ਸੰਸਦ ਮੈਂਬਰ ਪ੍ਰਤੀਭਾ ਸਿੰਘ ਵੀ ਹਸਪਤਾਲ ‘ਚ ਮੌਜੂਦ ਹਨ।