ਫ਼ਿਰੋਜ਼ਪੁਰ ਦੇ 130111 ਪਰਿਵਾਰਾਂ ਲਈ 6 ਮਹੀਨੇ ਦੀ ਕਣਕ ਦਾ ਕੋਟਾ ਜਾਰੀ

ਫ਼ਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਗ਼ਰੀਬ ਲੋਕਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾਉਣ ਦੀ ਸਕੀਮ ਤਹਿਤ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਰਾਹੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ 130111 ਪਰਿਵਾਰਾਂ ਲਈ 6 ਮਹੀਨੇ ਦੀ ਕਣਕ ਦਾ ਕੋਟਾ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐਸ. ਨੇ ਦਿੱਤੀ ਹੈ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ. ਬਲਰਾਜ ਸਿੰਘ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਅੰਤੋਦਿਆ ਅੰਨ ਯੋਜਨਾ ਦੇ ਲਾਭਪਾਤਰੀਆਂ ਨੂੰ ਪ੍ਰਤੀ ਕਾਰਡ 35 ਕਿੱਲੋ ਕਣਕ ਪ੍ਰਤੀ ਮਹੀਨੇ ਦੀ ਦਰ ਨਾਲ ਦਿੱਤੀ ਜਾ ਰਹੀ ਹੈ ਜਦ ਕਿ ਦੂਸਰੇ ਆਮ ਕਾਰਡ ਧਾਰਕਾਂ ਨੂੰ ਪ੍ਰਤੀ ਜੀਅ 5 ਕਿੱਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਇਕੱਠੀ 6 ਮਹੀਨੇ ਦੀ ਕਣਕ ਦਿੱਤੀ ਜਾ ਰਹੀ ਹੈ। ਇਹ ਕਣਕ ਲਾਭਪਾਤਰੀਆਂ ਨੂੰ 2 ਰੁਪਏ ਪ੍ਰਤੀ ਕਿੱਲੋ ਦੀ ਦਰ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਐਮ.ਐਲ.ਏਜ਼ ਵੱਲੋਂ ਆਪਣੇ ਆਪਣੇ ਹਲਕੇ ਵਿੱਚ ਸਸਤੀ ਕਣਕ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤੇ ਹੁਣ ਡਿਪੂ ਪੱਧਰ ਤੇ ਡਿਪੂ ਹੋਲਡਰ ਤੇ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਣਕ ਵੰਡਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।
ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਬਲਰਾਜ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕੁੱਲ 130111 ਕਾਰਡ ਹਨ। ਇਸ ਲਈ ਅਪ੍ਰੈਲ 2017 ਤੋਂ ਸਤੰਬਰ 2017 ਤੱਕ 6 ਮਹੀਨਿਆਂ ਦੀ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਜ਼ਿਲ੍ਹੇ ਵਿਚ ਕੁੱਲ 163082.70 ਕੁਇੰਟਲ ਕਣਕ ਰਸਦ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ ਅਤੇ ਹੁਣ ਤੱਕ 30.3 ਫ਼ੀਸਦੀ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸਕੀਮ ਲੋੜਵੰਦ ਲੋਕਾਂ ਲਈ ਬਹੁਤ ਹੀ ਕਾਰਗਰ ਹੈ ਅਤੇ ਬਹੁਤ ਹੀ ਘੱਟ ਦਰਾਂ ਤੇ ਪਰਿਵਾਰਾਂ ਨੂੰ ਇਹ ਅਨਾਜ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਤੇਜ਼ੀ ਨਾਲ ਸਾਰੀ ਕਣਕ ਦੀ ਵੰਡ ਕਰਨ ਦੀਆਂ ਹਦਾਇਤਾਂ  ਦਿੱਤੀਆਂ ਗਈਆਂ ਹਨ।

Be the first to comment

Leave a Reply