ਬੇਰੁਜ਼ਗਾਰ ਅਧਿਆਪਕਾਂ ‘ਤੇ ਜ਼ਾਲਮਾਨਾ ਹਮਲੇ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਦਰਜ ਕੀਤਾ ਜਾਵੇ ਫੌਜਦਾਰੀ ਕੇਸ:ਸੁਖਬੀਰ ਬਾਦਲ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਪਟਿਆਲਾ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਜ਼ਾਲਮਾਨਾ ਹਮਲਾ ਕਰਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਹਮਲਾ ਸਿਰਫ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਾਸਤੇ ਕੀਤਾ ਗਿਆ ਤੇ ਇਸ ਵਹਿਸ਼ੀ ਕਾਰਵਾਈ ਦਾ ਹੁਕਮ ਦੇਣ ਵਾਲਿਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਪਟਿਆਲਾ ਦੇ ਐਸਪੀ ਸਿਟੀ ਸਮੇਤ ਕੁਝ ਪੁਲਿਸ ਅਫਸਰਾਂ ਵੱਲੋਂ ਆਪਣੇ ਆਕਾਵਾਂ ਨੰ ਖੁਸ਼ ਕਰਨ ਵਾਸਤੇ ਬਿਨਾਂ ਭੜਕਾਹਟ ਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ।ਉਹਨਾਂ ਕਿਹਾ ਕਿ ਜਦੋਂ ਸੀਨੀਅਰ ਪੁਲਿਸ ਅਧਿਕਾਰੀ ਨੌਜਵਾਨਾਂ ‘ਤੇ ਹਮਲੇ ਦੀ ਅਗਵਾਈ ਕਰ ਰਹੇ ਸਨ ਤਾਂ ਹੋਰ ਪੁਲਿਸ ਮੁਲਾਜ਼ਮ ਵੀ ਨਾਲ ਲੱਗ ਗਏ ਤੇ ਸਮਝ ਬੈਠੇ ਕਿ ਸਿੱਧਾ ਉਪਰੋਂ ਹੁਕਮ ਆਇਆ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਸਬਕ ਸਿਖਾਇਆ ਜਾਵੇ। ਉਹਨਾਂ ਕਿਹਾ ਕਿ ਇਸ ਹਮਲੇ ਦੇ ਨਤੀਜੇ ਵਜੋਂ ਮਹਿਲਾਵਾਂ ਸਮੇਤ ਦਰਜਨ ਦੇ ਕਰੀਬ ਅਧਿਆਪਕ ਜ਼ਖਮੀ ਹੋ ਗਏ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਮਹਿਲਾਵਾਂ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ ਤੇ ਉਹਨਾਂ ਨਾਲ ਬਹੁਤ ਮਾੜਾ ਵਿਵਹਾਰ ਵੀ ਕੀਤਾ। ਉਹਨਾਂ ਕਿਹਾ ਕਿ ਇਹ ਵਿਹਾਰ ਇੰਨਾ ਜ਼ਾਲਮਾਨਾ ਸੀ ਕਿ ਦੋ ਨੌਜਵਾਨ ਤਾਂ ਭਾਖੜਾ ਨਹਿਰ ਵਿਚ ਕੁੱਦ ਪਏ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਬੇਰਹਿਮੀ ਨਾਲ ਕੁੱਟਮਾਰ ਦਾ ਸ਼ਿਕਾਰ ਹੋਏ 70 ਬੇਰੁਜ਼ਗਾਰ ਅਧਿਆਪਕਾਂ ‘ਤੇ ਹੀ ਕੇਸ ਦਰਜ ਕਰ ਦਿੱਤਾ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਤਾਨਾਸ਼ਾਹੀ ਸਰਕਾਰ ਦਾ ਸੰਕੇਤ ਦਿੰਦੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਬੇਰੁਜ਼ਗਾਰ ਅਧਿਆਪਕਾਂ ਖਿਲਾਫ ਦਰਜ ਹੋਇਆ ਕੇਸ ਤੁਰੰਤ ਵਾਪਸ ਲਿਆ ਜਾਵੇ ਤੇ ਐਸਪੀ ਸਿਟੀ ਸਮੇਤ ਹੋਰ ਪੁਲਿਸ ਅਫਸਰ ਜੋ ਕਿ ਹਮਲੇ ਵਿਚ ਸ਼ਾਮਲ ਸਨ, ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਤੇ ਇਸ ਹਮਲੇ ਦਾ ਹੁਕਮ ਦੇਣ ਵਾਲਿਆਂ ‘ਤੇ ਵੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਨੌਜਵਾਨਾਂ ਦੇ ਜੀਵਨ ਨਾਲ ਖਿਲਵਾੜ ਨਾ ਕਰਨ ਤੇ ਕਿਹਾ ਕਿ ਪਹਿਲਾਂ ਤਾਂ ਤੁਸੀਂ ਘਰ -ਘਰ ਨੌਕਰੀ ਦਾ ਵਾਅਦਾ ਪੂਰਾ ਕਰਨ ਵਿਚ ਅਸਫਲ ਰਹੇ, ਫਿਰ ਤੁਸੀਂ ਝੂਠ ਬੋਲਿਆ ਕਿ 12 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਦਕਿ ਸਰਕਾਰ ਨੇ ਖੁਦ ਵਿਧਾਨ ਸਭਾ ਵਿਚ ਲਿਖਤੀ ਜਵਾਬ ਵਿਚ ਮੰਨਿਆ ਕਿ ਤਿੰਨ ਸਾਲਾਂ ਵਿਚ ਸਿਰਫ 34000 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ।