ਅਮਰੀਕਾ ਦੇ ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

0
330

ਸਿਨਸਿਨਾਟੀ, ਓਹਾਇਓ (ਅਕਤੂਬਰ 31, 2022): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਤੋਂ ਇਲਾਵਾ ਚਾਰ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ।

ਇਸ ਵਿੱਚ ਵਿਸ਼ੇਸ਼ ਤੋਰ ਤੇ ਪਹੁੰਚੇ ਸਿੱਖ ਪੱਥ ਦੇ ਮਹਾਨ ਕੀਰਤਨੀਏ ਭਾਈ ਹਰਚਰਨ ਸਿੰਘ ਜੀ ਖਾਲਸਾ, ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬੂਟਾ ਸਿੰਘ ਅਤੇ ਭਾਈ ਮਨਜੀਤ ਸਿੰਘ ਜੀ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੂਆਰਾ ਸਾਹਿਬ ਦੇ ਕੀਰਤਨੀ ਜੱਥੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਅਤੇ ਭਾਈ ਨਿਰਮਲ ਸਿੰਘ ਜੀ ਦੇ ਰਾਗੀ ਜੱਥੇ ਨੇ ਵੀ ਸ਼ਬਦ ਕੀਰਤਨ ਗਾਇਨ ਕੀਤਾ। ਭਾਈ ਅਮਰੀਕ ਸਿੰਘ ਜੀ ਨੇ ਬਾਬਾ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਆਈ ਸੰਗਤ ਨੂੰ ਜਾਣਕਾਰੀ ਦਿੱਤੀ।

ਬਾਬਾ ਬੁੱਢਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਸਨ। ਬਾਬਾ ਜੀ ਨੂੰ 5 ਗੁਰੂਆਂ ਨੂੰ ਗੁਰਿਆਈ ਤਿਲਕ ਲਗਾਉਣ ਅਤੇ ਛੇ ਗੁਰੂ ਸਾਹਿਬਾਨ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੈ। ਭਾਈ ਹਰਚਰਨ ਸਿੰਘ ਜੀ ਦੇ ਜੱਥੇ ਨੂੰ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ।

ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ, ਕੋਲੰਬਸ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਣਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਗੁਰਦੁਆਰਾ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ। ਇਸ ਦੋਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here