ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਕੌਮੀ ਝੰਡਾ
ਸੰਗਰੂਰ, 13 ਅਗਸਤ, 2023: ਪੁਲਿਸ ਲਾਈਨ ਸਟੇਡੀਅਮ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ 77ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਪੁਲਿਸ ਲਾਈਨ ਸਟੇਡੀਅਮ ਵਿਖੇ ਅੰਤਿਮ ਰਿਹਰਸਲ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਉਨਾਂ ਨੇ ਪੁਲਿਸ ਲਾਈਨ ਵਿਖੇ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਐੱਸ ਐੱਸ ਪੀ ਸੁਰੇਂਦਰ ਲਾਂਬਾ ਵੀ ਉਨ੍ਹਾਂ ਦੇ ਨਾਲ ਸਨ।
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਅੱਜ ਅੰਤਿਮ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਬਾਅਦ ਵਿੱਚ ਪਰੇਡ ਕਮਾਂਡਰ ਡੀ.ਐੱਸ.ਪੀ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਉਪਰੰਤ ਵੱਖ-ਵੱਖ ਸਭਿਆਚਾਰਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫੀ ਅਤੇ ਗੀਤ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਦੇ ਰਵਾਇਤੀ ਲੋਕ ਨਾਚ ਗਿੱਧੇ ਤੇ ਭੰਗੜੇ ਦੀ ਵੀ ਵਿਦਿਆਰਥੀਆਂ ਨੇ ਪੇਸ਼ਕਾਰੀ ਕੀਤੀ।