ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚੋਂ ਫ਼ਸਲ ਕੱਟਣ ਗਏ ਐੱਸ ਸੀ ਭਾਈਚਾਰੇ ਦੇ ਲੋਕਾਂ ਉੱਪਰ ਜਾਨਲੇਵਾ ਹਮਲਾ ਕੀਤਾ- ਮੁਕੇਸ਼ ਮਲੌਦ

0
298

ਸਮਾਣਾ, (ਦਲਜੀਤ ਕੌਰ ਭਵਾਨੀਗੜ੍ਹ) -ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਲੰਮੇ ਸੰਘਰਸ਼ ਤੋਂ ਬਾਅਦ ਪਿੰਡ ਦੁੱਲੜ ਦੇ ਐੱਸ ਸੀ ਭਾਈਚਾਰੇ ਦੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਐਸ ਸੀ ਕੋਟੇ ਦੀ ਪੰਚਾਇਤੀ ਜ਼ਮੀਨ ਦਾ ਪਿਛਲੇ ਦਿਨੀਂ ਕਬਜ਼ਾ ਦਵਾਇਆ ਗਿਆ ਸੀ ਜਿਸ ਵਿੱਚ ਉਹਨਾਂ ਨੇ ਆਪਣਾ ਹਰਾ-ਚਾਰਾ ਅਤੇ ਜੀਰੀ ਦੀ ਫਸਲ ਬੀਜੀ ਹੋਈ ਸੀ। ਸ਼ਨੀਵਾਰ ਸਵੇਰੇ ਜਦੋਂ ਦਲਿਤ ਭਾਈਚਾਰੇ ਵੱਲੋਂ ਆਪਣੇ ਹਿੱਸੇ ਦੀ ਫ਼ਸਲ ਦੀ ਕਟਾਈ ਲਈ ਉਹ ਖੇਤ ਵਿਚ ਪਹੁੰਚੇ ਤਾਂ ਪਿੰਡ ਦੇ ਕੁਝ ਧਨਾਢ ਚੌਧਰੀਆਂ ਵੱਲੋਂ ਜਾਨਲੇਵਾ ਹਮਲਾ ਕਰਕੇ ਪਿੰਡ ਦੇ ਆਗੂ ਅਮਰੀਕ ਸਿੰਘ ਸਮੇਤ ਸਿਮਰਨਦੀਪ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ ਅਤੇ ਦਰਸ਼ਨ ਸਿੰਘ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਜਿਨ੍ਹਾਂ ਨੂੰ ਸਿਵਲ ਹਸਪਤਾਲ ਸਮਾਣਾ ਵਿਖੇ ਭਰਤੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਐੱਸ. ਸੀ. ਹੋਣ ਦੇ ਬਾਵਜੂਦ ਐੱਸ ਸੀ ਭਾਈਚਾਰੇ ਦੇ ਲੋਕਾਂ ਉੱਪਰ ਜਬਰ ਦਾ ਕੁਹਾੜਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਮੌਕੇ ਹਸਪਤਾਲ ਵਿੱਚ ਜ਼ੇਰੇ ਇਲਾਜ ਅਮਰੀਕ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਆਪਣੀ ਫ਼ਸਲ ਕੱਟ ਰਹੇ ਸਨ ਤਾਂ ਪੇਂਡੂ ਧਨਾਢ ਯਾਤਰੀਆਂ ਵੱਲੋਂ ਇਹ ਕਹਿ ਕੇ ਉਨ੍ਹਾਂ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਕਿ ਇਹ ਜੋ ਸਾਡੇ ਕੂੜਾ ਚੁੱਕਦੇ ਸੀ ਅੱਜ ਜ਼ਮੀਨਾਂ ਵਾਲੇ ਬਣਨ ਦੀ ਕੋਸ਼ਿਸ਼ ਕਰ ਰਹੇ ਹਨ ਇਨ੍ਹਾਂ ਨੂੰ ਅਜਿਹਾ ਸਬਕ ਸਿਖਾਓ ਕਿ ਅੱਗੇ ਤੋਂ ਇਹ ਜ਼ਮੀਨ ਦੀ ਗੱਲ ਕਰਨੀ ਭੁੱਲ ਜਾਣ। ਜਿਸ ਤੋਂ ਬਾਅਦ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਪ੍ਰਸ਼ਾਸਨ ਵੱਲੋਂ ਦਲਿਤਾਂ ਨੂੰ ਉਨ੍ਹਾਂ ਦੀ ਇਸ ਜ਼ਮੀਨ ਦਾ ਕਾਨੂੰਨੀ ਰੂਪ ਵਿਚ ਕਬਜ਼ਾ ਕਰਵਾਇਆ ਗਿਆ ਸੀ ਪ੍ਰੰਤੂ ਇਹ ਗੱਲ ਪਿੰਡ ਦੇ ਧਨਾਢ ਚੌਧਰੀਆਂ ਨੂੰ ਰੜਕ ਰਹੀ ਸੀ। ਇਸ ਸੰਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਵੱਲੋਂ ਬਿਆਨ ਦਰਜ ਕਰ ਲਏ ਗਏ ਹਨ ਅਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨ ਮੌਕੇ ਤੇ ਹਸਪਤਾਲ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ਼ ਐੱਸ ਸੀ ਐੱਸ ਟੀ ਐਕਟ ਤਹਿਤ ਇਰਾਦਾ ਕਤਲ ਦਾ ਮੁਕੱਦਮਾ ਦਰਜ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਦਲਿਤਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਜ਼ਮੀਨ ਦਾ ਹੱਕ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੱਲ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਾਂ ਕਾਰਵਾਈ ਕਰਵਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਰੋਡ ਜਾਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ ਜਿੱਥੇ ਇਸ ਧੱਕੇਸ਼ਾਹੀ ਦੇ ਮਾਮਲੇ ਨੂੰ ਵੀ ਚੁੱਕਿਆ ਜਾਵੇਗਾ। ਇਸ ਮੌਕੇ ਸਤਨਾਮ ਰਾਜਲਾ, ਗੁਰਪ੍ਰੀਤ ਫਤਹਿਗੜ੍ਹ ਛੰਨਾ, ਜਸਵੰਤ ਸਿੰਘ ਦੁੱਲੜ, ਸੇਵਾ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here