ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ- ਬਜਟ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ
… ਕਿਹਾ- ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ, ਬਜਟ ਵਿੱਚ ਖੇਤੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਪਹਿਲੀ ਵਾਰ ਫਸਲੀ ਵਿਭਿੰਨਤਾ ਲਈ ਵੀ ਵਿਵਸਥਾ ਕੀਤੀ ਗਈ
… ਪਿੰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ, ਪੰਜਾਬ ਗ੍ਰਾਮੀਣ ਬੈਂਕ ਅਤੇ ਪਨਸਪ ਸਮੇਤ ਕਈ ਸਰਕਾਰੀ ਸੰਸਥਾਵਾਂ ਨੂੰ ਬੇਲਆਊਟ ਪੈਕੇਜ ਦਿੱਤਾ ਗਿਆ – ਕੰਗ
ਚੰਡੀਗੜ੍ਹ, 11 ਮਾਰਚ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।
ਸ਼ਨੀਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਮੇਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਬਜਟ ਵਿਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ।
ਕੰਗ ਨੇ ਕਿਹਾ ਕਿ ਇਸ ਵਾਰ ਖੇਤੀਬਾੜੀ ਲਈ ਬਜਟ ਵਿੱਚ ਪਿਛਲੇ ਬਜਟ ਦੇ ਮੁਕਾਬਲੇ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਖੇਤੀ ਬਜਟ ਵਿੱਚ ਵਾਧਾ ਕਰਨ ਦੇ ਨਾਲ-ਨਾਲ ਮਾਨ ਸਰਕਾਰ ਨੇ ਬਜਟ ਵਿੱਚ ਫਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ ਅਤੇ ਇਸ ਲਈ 1000 ਕਰੋੜ ਰੁਪਏ ਅਲਾਟ ਕੀਤੇ। ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਉਤਸ਼ਾਹਿਤ ਕੀਤਾ ਸੀ, ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਸਨ।
ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਗੰਨਾ ਕਿਸਾਨਾਂ ਦੀ ਹਾਲਤ ਮਾੜੀ ਸੀ। ਉਨ੍ਹਾਂ ਨੂੰ ਐਮਐਸਪੀ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਮਿਲਦਾ ਸੀ। ਮਾਨ ਸਰਕਾਰ ਨੇ ਨਾ ਸਿਰਫ਼ ਗੰਨਾ ਕਿਸਾਨਾਂ ਦੇ ਬਕਾਏ ਕਲੀਅਰ ਕੀਤੇ ਹਨ, ਸਗੋਂ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਕੇ ₹ 380 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।
ਕੰਗ ਨੇ ਕਿਹਾ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਪੇਂਡੂ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਈ ਸਰਕਾਰੀ ਅਦਾਰਿਆਂ ਨੂੰ ਬੇਲਆਊਟ ਪੈਕੇਜ ਦੇ ਕੇ ਉਨ੍ਹਾਂ ਦੇ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਰਾਹ ਪੱਧਰਾ ਕੀਤਾ ਹੈ। ਇਸ ਵਾਰ ਸਰਕਾਰ ਨੇ ਮਾਰਕਫੈੱਡ ਨੂੰ ਬੇਲ ਆਊਟ ਪੈਕੇਜ ਦਿੱਤਾ ਅਤੇ 13 ਨਵੇਂ ਗੋਦਾਮ ਬਣਾਉਣ ਲਈ ਬਜਟ ‘ਚ ਵਿਵਸਥਾ ਕੀਤੀ ਹੈ ਤਾਂ ਜੋ ਮਾਰਕਫੈੱਡ ਦੁਨੀਆ ਭਰ ‘ਚ ਬਰਾਂਡ ਬਣ ਸਕੇ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਗ੍ਰਾਮੀਣ ਬੈਂਕ, ਪਨਸਪ ਅਤੇ ਸ਼ੂਗਰਫੈੱਡ ਨੂੰ ਵੀ ਬੇਲਆਊਟ ਪੈਕੇਜ ਦਿੱਤਾ ਹੈ।
ਕੰਗ ਨੇ ਵਿਰੋਧੀ ਧਿਰ ਦੇ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਕੋਲ ਬਜਟ ਦੀ ਆਲੋਚਨਾ ਕਰਨ ਲਈ ਕੁਝ ਨਹੀਂ ਹੈ, ਇਸ ਲਈ ਉਹ ਇਧਰ-ਉਧਰ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਅਸਲੀਅਤ ਇਹ ਹੈ ਕਿ ਬਜਟ ਵਿੱਚ ਹਰ ਵਰਗ ਅਤੇ ਹਰ ਖੇਤਰ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।