ਆਮ ਆਦਮੀ ਪਾਰਟੀ ਸਰਕਾਰ ਜੋੜ-ਤੋੜ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਅਦ ਵੀ ਨਿਗਮਾਂ ਵਿੱਚ ਮੇਅਰ ਬਨਾਉਣ ਵਿੱਚ ਨਾਕਾਮ-ਗਰਚਾ
ਲੁਧਿਆਣਾ, 6 ਜਨਵਰੀ 2025
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਪੰਜਾਬ ਵਿੱਚ 21 ਦਸੰਬਰ ਨੂੰ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣ ਤੋਂ ਲੈ ਕੇ ਹੁਣ ਤੱਕ ਮੇਅਰ ਦੀ ਚੋਣ ਲਈ ਲੰਬਾ ਸਮਾਂ ਬੀਤ ਚੁੱਕਾ ਹੈ, ਜਿਸਦਾ ਕਾਰਨ ਆਮ ਆਦਮੀ ਪਾਰਟੀ ਕੋਲ ਬਹੁਮਤ ਘਾਟ ਹੈ। ਆਮ ਆਦਮੀ ਪਾਰਟੀ ਦੇ ਆਗੂ ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਆਪਣੇ ਵਿੱਚ ਸ਼ਾਮਲ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲ ਰਹੀ। ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਕਈ ਤਰ੍ਹਾਂ ਦੇ ਲਾਲਚ ਦਿੱਤੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ ਪਰ ਵੋਟਰਾਂ ਦੇ ਦਬਾਅ ਕਾਰਨ ਕੋਈ ਵੀ ਕੌਂਸਲਰ ਦਲ-ਬਦਲੀ ਕਰਨ ਨੂੰ ਤਿਆਰ ਨਹੀਂ ਹੈ। ਇਸ ਦੇ ਬਾਵਜੂਦ ‘ਆਪ’ ਦੇ ਆਗੂ ਅਹੁਦੇ ਅਤੇ ਪੈਸੇ ਦੇ ਲਾਲਚ ਦੇ ਨਾਲ-ਨਾਲ ਪੁਲੀਸ ਰਾਹੀਂ ਦਬਾਅ ਪਾ ਕੇ ਹੋਰਨਾਂ ਪਾਰਟੀਆਂ ਦੇ ਕੌਂਸਲਰਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਹਨ। ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੇ ਨਤੀਜੇ ਆਇਆਂ ਨੂੰ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ‘ਆਪ’ ਸਰਕਾਰ ਮੇਅਰ ਦੇ ਅਹੁਦੇ ਲਈ ਚੋਣ ਵਿੱਚ ਦੇਰੀ ਕਰ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਨਾਲ ਜੋੜ-ਤੋੜ ਕਰਕੇ ਆਪਣੇ ਪੱਖ ਦਾ ਮੇਅਰ ਬਣਾ ਸਕਣ।