ਉਪ ਚੋਣ ਤੋਂ ਪਹਿਲਾਂ ਹਰਪਾਲ ਚੀਮਾ ਨੇ ਜਲੰਧਰ ਦੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ

0
114

ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਆਪਣੇ ਕਾਰਜਕਾਲ ਦੌਰਾਨ ਮਾਲੀਆ ਵਧਾਉਣ ਲਈ ਕੁਝ ਨਾ ਕਰਨ ਲਈ ਘੇਰਿਆ

ਇਮਾਨਦਾਰ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਸੂਬੇ ‘ਚ ਮੁੜ ਕਰ ਰਹੀ ਬਹਾਲ: ਹਰਪਾਲ ਸਿੰਘ ਚੀਮਾ

ਕੁਝ ਲੋਕ ਮੁੱਖ ਮੰਤਰੀ ਮਾਨ ‘ਤੇ ਲਗਾ ਰਹੇ ਹਨ ਬੇਬੁਨਿਆਦ ਦੋਸ਼, ਉਹ ਪੰਜਾਬ ਦੇ ਸਭ ਤੋਂ ਮਿਹਨਤੀ ਅਤੇ ਇਮਾਨਦਾਰ ਮੁੱਖ ਮੰਤਰੀ ਹਨ: ਚੀਮਾ

ਚੀਮਾ ਨੇ ਜਲੰਧਰ ਉਪ ਚੋਣ ਦੀ ਜ਼ਿੰਮੇਵਾਰੀ ਸੌਂਪਣ ਲਈ ਕੇਜਰੀਵਾਲ ਅਤੇ ਮਾਨ ਦਾ ਕੀਤਾ ਧੰਨਵਾਦ

ਸੁਸ਼ੀਲ ਰਿੰਕੂ ਸੰਸਦ ਵਿੱਚ ਆਮ ਲੋਕਾਂ ਅਤੇ ਪੰਜਾਬ ਦੀ ਆਵਾਜ਼ ਬਣਨਗੇ: ਚੀਮਾ

ਜਲੰਧਰ, 9 ਅਪ੍ਰੈਲ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਮੀਡੀਆ ਰਾਹੀਂ ਜਲੰਧਰ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਇੱਕ ਸਾਲ ਦੀ ਬੇਮਿਸਾਲ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ।

ਐਤਵਾਰ ਨੂੰ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੁਆਰਾ ਲਿਆਂਦੀ ਗਈ ਨਵੀਂ ਆਬਕਾਰੀ ਨੀਤੀ ਨਾਲ 41% ਦਾ ਰਿਕਾਰਡ ਮਾਲੀਆ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਈ ਵਿਭਾਗਾਂ ਵਿੱਚ ਮਾਲੀਏ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸੂਬੇ ਦਾ ਮਾਲੀਆ ਵਧਾਉਣ ਲਈ ਕੁਝ ਨਹੀਂ ਕੀਤਾ ਸਗੋਂ ਉਲਟਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਮਾਲੀਆ ਘਟਦਾ ਸੀ। ਉਨ੍ਹਾਂ ਕਿਹਾ ਕਿ ਮਾਲੀਆ ਘਟਣ ਦਾ ਮੁੱਖ ਕਾਰਨ ਵੱਖ-ਵੱਖ ਮਾਫੀਆ ਜਿਵੇਂ ਆਬਕਾਰੀ ਮਾਫੀਆ, ਸ਼ਰਾਬ ਮਾਫੀਆ ਅਤੇ ਟਰਾਂਸਪੋਰਟ ਮਾਫੀਆ ਹਨ। ਇਹ ਮਾਫ਼ੀਏ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਦੀ ਮਦਦ ਨਾਲ ਪੰਜਾਬ ਦੇ ਖਜ਼ਾਨੇ ਨੂੰ ਲੁੱਟਦੇ ਸਨ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਦੇ ਲੋਕਾਂ ਨੇ ਪਿਛਲੇ ਸਾਲ ਭਾਰੀ ਫ਼ਤਵੇ ਨਾਲ ਇਮਾਨਦਾਰ ਸਰਕਾਰ ਚੁਣੀ ਹੈ, ਉਦੋਂ ਤੋਂ ਲੁੱਟ-ਖਸੁੱਟ ਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਨੂੰ ਇਮਾਨਦਾਰ ਰਾਜਨੀਤੀ ਸਿਖਾਈ ਹੈ। ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੇ ਨਤੀਜੇ ਵਜੋਂ ਪੰਜਾਬ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਮੁੜ ਬਹਾਲ ਹੋ ਰਿਹਾ ਹੈ। ਉਹ ਵਿਦੇਸ਼ਾਂ ਤੋਂ ਵਾਪਸ ਘਰ ਪਰਤ ਰਹੇ ਹਨ ਅਤੇ ਇੱਥੇ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੀਐਸਟੀ ਕੁਲੈਕਸ਼ਨ ਵਿੱਚ ਵੀ ਲਗਭਗ 17% ਵਾਧਾ ਹੋਇਆ ਹੈ ਕਿਉਂਕਿ ਜਦੋਂ ਲੋਕਾਂ ਨੂੰ ਪਤਾ ਹੁੰਦਾ ਹੈ ਕਿ ਉਨ੍ਹਾਂ ਦੇ ਟੈਕਸ ਦਾ ਪੈਸਾ ਸੂਬੇ ਦੇ ਵਿਕਾਸ ‘ਤੇ ਲੱਗੇਗਾ ਤਾਂ ਲੋਕ ਆਪ ਇਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ‘ਤੇ 2.25 ਫੀਸਦੀ ਦੀ ਛੋਟ ਦਿੱਤੀ ਗਈ ਸੀ ਅਤੇ ਇਸ ਕਾਰਨ ਮਾਲੀਆ ਫਰਵਰੀ ਦੇ 339 ਕਰੋੜ ਰੁਪਏ ਤੋਂ ਵਧ ਕੇ ਮਾਰਚ ਵਿਚ 658.68 ਕਰੋੜ ਰੁਪਏ ਹੋ ਗਿਆ ਹੈ ਜੋ ਲਗਭਗ 70 ਫੀਸਦੀ ਵਾਧਾ ਹੈ।

‘ਆਪ’ ਆਗੂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਧਰਮ ਜਾਂ ਫਿਰਕੂ ਤਣਾਅ ਦੇ ਆਧਾਰ ‘ਤੇ ਰਾਜਨੀਤੀ ਕਰਦੀਆਂ ਹਨ ਜਾਂ ਉਨ੍ਹਾਂ ਨੂੰ ਸਬਜ਼ਬਾਗ ਦਿਖਾਉਂਦੀਆਂ ਹਨ, ਪਰ ‘ਆਪ’ ਕੰਮ ਅਤੇ ਇਮਾਨਦਾਰੀ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਰੋਜ਼ਗਾਰ ਪੈਦਾ ਕਰਨ, ਸਰਕਾਰੀ ਨੌਕਰੀਆਂ ਦੇਣ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਪਹਿਲੇ ਦਿਨ ਤੋਂ ਸ਼ੁਰੂ ਕਰ ਦਿੱਤਾ ਸੀ। ਅਕਾਲੀ ਅਤੇ ਕਾਂਗਰਸ ਸਰਕਾਰਾਂ ਪਹਿਲੇ ਸਾਢੇ ਚਾਰ ਸਾਲ ਸੁੱਤੀਆਂ ਰਹਿੰਦੀਆਂ ਸਨ, ਪਰ ਅਸੀਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਤੋਂ ਬਾਅਦ 26,554 ਨੌਕਰੀਆਂ ਦਾ ਇਸ਼ਤਿਹਾਰ ਦਿੱਤਾ, 28,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕੇ ਕੀਤਾ।

ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੀ 20,200 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੂੰ ਰਾਜ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਘਾਟੇ ਦਾ ਪ੍ਰਤੀਕ ਮੰਨਿਆ ਜਾਂਦਾ ਸੀ ਪਰ ਆਪ ਸਰਕਾਰ ਪੀ.ਐਸ.ਪੀ.ਸੀ.ਐਲ ਦੀਆਂ ਸਾਰੀਆਂ ਬਕਾਇਆ ਸਬਸਿਡੀਆਂ ਨੂੰ ਕਲੀਅਰ ਕਰੇਗੀ।

ਮਾਨ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਨਾਲ ਹੁਣ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਅਸੀਂ 1 ਕਰੋੜ ਐਕਸ-ਗ੍ਰੇਸ਼ੀਆ ਦੀ ਗਾਰੰਟੀ ਵੀ ਪੂਰੀ ਕੀਤੀ ਹੈ। ਇਸ ਸਾਲ ਸਿੱਖਿਆ ਦੇ ਬਜਟ ਵਿੱਚ 17% ਦਾ ਵਾਧਾ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਚੱਲ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀ ਲਿਆਉਣ ਦਾ ਵਾਅਦਾ ਕੀਤਾ ਸੀ ਅਤੇ ਮਾਨ ਸਰਕਾਰ ਉਸ ਵਾਅਦੇ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਅਸੀਂ ਰਾਜ ਭਰ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਟੈਕਸਦਾਤਾਵਾਂ ਦੇ ਪੈਸੇ ਨੂੰ ਬਚਾਉਣ ਲਈ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਵੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਦਿਆਂ ਕਈ ਭ੍ਰਿਸ਼ਟ ਨੇਤਾਵਾਂ ਅਤੇ ਅਫਸਰਾਂ ਨੂੰ ਗ੍ਰਿਫਤਾਰ ਕੀਤਾ।

ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਕਾਰਨ ਕੁਝ ਲੋਕ ਸਾਡੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ ਪਰ ਅਸਲ ‘ਚ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਮਿਹਨਤੀ ਅਤੇ ਇਮਾਨਦਾਰ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਮੁੱਖ ਮੰਤਰੀ ਕਈ-ਕਈ ਮਹੀਨੇ ਸਕੱਤਰੇਤ ਦਫ਼ਤਰ ਤੋਂ ਗ਼ੈਰਹਾਜ਼ਰ ਰਹਿੰਦੇ ਸਨ ਪਰ ਸਾਡੇ ਮੁੱਖ ਮੰਤਰੀ ਤੇ ਮੰਤਰੀ ਮੰਡਲ ਪੰਜਾਬੀ ਨੂੰ ਮੁੜ ‘ਰੰਗਲਾ’ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।

ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਜਲੰਧਰ ਉਪ ਚੋਣ ਦੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ਅਤੇ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਉਨ੍ਹਾਂ ਦੀ ਪਾਰਟੀ ਨੂੰ ਵੋਟਾਂ ਪਾਉਣਗੇ ਅਤੇ ‘ਆਪ’ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਸੰਸਦ ਵਿੱਚ ਪੰਜਾਬ ਅਤੇ ਪੰਜਾਬੀਆਂ ਦੀ ਆਵਾਜ਼ ਬਣਨਗੇ।

ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨਾਲ ‘ਆਪ’ ਜਲੰਧਰ ਉਪ ਚੋਣ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਜਗਬੀਰ ਬਰਾੜ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸਕੱਤਰ ਰਾਜਵਿੰਦਰ ਕੌਰ ਥਿਆੜਾ ਮੌਜੂਦ ਸਨ। ਇਸ ਉਪਰੰਤ ਹਰਪਾਲ ਸਿੰਘ ਚੀਮਾ ਹੋਰ ‘ਆਪ’ ਸਮੇਤ ਜਲੰਧਰ ਦੇ ਵੱਖ ਵੱਖ ਧਾਰਮਿਕ ਸਥਾਨਾਂ, ਡੇਰਾ ਸੱਚਖੰਡ ਬੱਲਾਂ, ਸ਼੍ਰੀ ਦੇਵੀ ਤਾਲਾਬ ਮੰਦਰ ਅਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਵਿਖੇ ਨਤਮਸਤਕ ਹੋਏ।

LEAVE A REPLY

Please enter your comment!
Please enter your name here