ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਦਿੱਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਬਾਰੇ ਦੱਸਿਆ
ਰਾਜਨੀਤਕ ਪਾਰਟੀਆਂ ਵੱਲੋਂ ਵਰਤੇ ਜਾਂਦੇ ਵਾਹਨਾਂ ਦੀ ਕੀਤੀ ਜਾਵੇਗੀ ਅਚਨਚੇਤ ਜਾਂਚ
ਦਲਜੀਤ ਕੌਰ
ਸੰਗਰੂਰ, 17 ਮਾਰਚ, 2024: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਲਾਗੂ ਹੋਏ ਆਦਰਸ਼ ਚੋਣ ਜਾਬਤੇ ਬਾਰੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਸਮੂਹ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਚੋਣ ਪ੍ਰਚਾਰ ਲਈ ਜ਼ਿਲ੍ਹਾ ਪੱਧਰ ’ਤੇ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਲਈਆਂ ਜਾਣ ਵਾਲੀਆਂ ਵੱਖ-ਵੱਖ ਕਿਸਮਾਂ ਦੀਆਂ ਪ੍ਰਵਾਨਗੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਵੱਲੋਂ ਧਾਰਮਿਕ ਸਥਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਰਾਜਨੀਤਕ ਪ੍ਰਚਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਨਵੀਂ ਸਕੀਮ ਜਾਂ ਵਿਕਾਸ ਕਾਰਜ ਨੂੰ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਨਾ ਹੀ ਕੋਈ ਪੁਰਾਣੇ ਕੰਮ ਦਾ ਉਦਘਾਟਨ ਪ੍ਰੋਗਰਾਮ ਕੀਤਾ ਜਾ ਸਕਦਾ ਹੈ। ਇਸ ਦੌਰਾਨ ਨੁਮਾਇੰਦਿਆਂ ਨੂੰ ਲੋਕ ਸਭਾ ਚੋਣਾਂ ਦੇ ਸ਼ਡਿਊਲ ਬਾਰੇ ਵੀ ਦੱਸਿਆ ਗਿਆ।
ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਿਸੇ ਵੀ ਸਰਕਾਰੀ ਅਦਾਰੇ ਜਾਂ ਇਮਾਰਤਾਂ ਉਪਰ ਸਿਆਸੀ ਪੋਸਟਰ ਨਹੀਂ ਲਗਾਏ ਜਾ ਸਕਦੇ ਅਤੇ ਨਿੱਜੀ ਅਦਾਰਿਆਂ ਤੇ ਇਮਾਰਤਾਂ ’ਤੇ ਪੋਸਟਰ ਲਗਾਉਣ ਤੋਂ ਪਹਿਲਾਂ ਉਸ ਅਦਾਰੇ ਤੋਂ ਲਿਖਤੀ ਮੰਜੂਰੀ ਲੈਣੀ ਪਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜਨੀਤਕ ਪਾਰਟੀਆਂ ਵੱਲੋਂ ਵਰਤੇ ਜਾਂਦੇ ਵਾਹਨਾਂ ਦੀ ਅਚਨਚੇਤ ਜਾਂਚ ਕੀਤੀ ਜਾ ਸਕਦੀ ਹੈ ਅਤੇ ਮੰਜੂਰਸ਼ੁਦਾ ਵਾਹਨ ਹੀ ਪ੍ਰਚਾਰ ਲਈ ਵਰਤੇ ਜਾ ਸਕਦੇ ਹਨ ਤੇ ਮੰਜੂਰੀ ਦੇ ਦਸਤਾਵੇਜ਼ਾਂ ਦੀ ਕਾਪੀ ਨਹੀਂ ਕੀਤੀ ਜਾ ਸਕਦੀ।
ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਦੌਰਾਨ ਸਮੂਹ ਹਾਜ਼ਰੀਨ ਨੂੰ ਚੋਣ ਪ੍ਰਚਾਰ ਦੌਰਾਨ ਕੀਤੀਆਂ ਜਾਣ ਵਾਲੀਆਂ ਰੈਲੀਆਂ ਨਾਲ ਸਬੰਧਤ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਰਕਾਰੀ ਰੈਸਟ ਹਾਊਸ ਵਿੱਚ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਮੀਟਿੰਗ, ਇਕੱਤਰਤਾ ਅਤੇ ਪ੍ਰਚਾਰ ਕਰਨ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਇਸ ਦੌਰਾਨ ਪ੍ਰਚਾਰ ਲਈ ਨਿਰਧਾਰਤ ਖਰਚਿਆਂ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਲਈ ਵੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਵੀ ਹਾਜ਼ਰ ਸਨ।