ਐਡੀਸ਼ਨਲ ਜਿ਼ਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 1 ਮਈ, 2024: ਜਿ਼ਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜਿ਼ਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਲੋਕ ਸਭਾ ਚੋਣ ਹਲਕਾ 12—ਸੰਗਰੂਰ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਤਰਫੋਂ ਤਾਇਨਾਤ ਕੀਤੇ ਜਾਣ ਵਾਲੇ ਜਨਰਲ, ਖਰਚਾ ਅਤੇ ਪੁਲਿਸ ਅਬਜਰਵਰਾਂ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਅਗੇਤੇ ਤੌਰ ‘ਤੇ ਜਾਇਜ਼ਾ ਲਿਆ। ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਵਧੀਕ ਜਿ਼ਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋੜੀਂਦੇ ਪ੍ਰਬੰਧ ਸਮੇਂ ਸਿਰ ਨੇਪਰੇ ਚਾੜ੍ਹਨੇ ਯਕੀਨੀ ਬਣਾਏ ਜਾਣ। ਵਧੀਕ ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਨਿਗਰਾਨੀ ਲਈ ਚੋਣ ਖਰਚਾ ਅਬਜਰਵਰ, ਸੁਰੱਖਿਆ ਤੇ ਅਮਨ ਕਾਨੂੰਨ ਸਬੰਧੀ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਲਈ ਪੁਲਿਸ ਚੋਣ ਅਬਜ਼ਰਵਰ ਤੇ ਚੋਣ ਸਬੰਧੀ ਹੋਰ ਸਰਗਰਮੀਆਂ ਲਈ ਜਨਰਲ ਅਬਜ਼ਰਵਰ ਪਹੁੰਚਣਗੇ ਜਿਨ੍ਹਾਂ ਲਈ ਹਰ ਪ੍ਰਬੰਧ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਰੀਜਨਲ ਟਰਾਂਸਪੋਰਟ ਅਫ਼ਸਰ ਕੁਲਦੀਪ ਬਾਵਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।