ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
201
ਵਿਜੀਲੈਂਸ ਬਿਊਰੋ ਪੰਜਾਬ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 25 ਅਪ੍ਰੈਲ, 2024:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
———
ਵਿਜੀਲੈਂਸ ਬਿਊਰੋ ਪੰਜਾਬ
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 25 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
———
ਵਿਜੀਲੈਂਸ ਬਿਊਰੋ ਪੰਜਾਬ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ
ਚੰਡੀਗੜ੍ਹ, 25 ਅਪ੍ਰੈਲ, 2024:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
———-
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
– ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ
– ਮੁੱਖ ਚੋਣ ਅਧਿਕਾਰੀ ਨੇ ਨਿਰਪੱਖ ਚੋਣ ਅਮਲ ਨੇਪਰੇ ਚੜ੍ਹਾਉਣ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 25 ਅਪ੍ਰੈਲ:
ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ  ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ  ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7.21 ਕਰੋੜ ਰੁਪਏ, ਵਸਤਾਂ ਅਤੇ ਸੇਵਾਵਾਂ ਕਰ ਵਿਭਾਗ ਵੱਲੋਂ 5 ਕਰੋੜ ਰੁਪਏ, ਕਸਟਮ ਵਿਭਾਗ ਵੱਲੋਂ 4.37 ਕਰੋੜ ਰੁਪਏ, ਆਮਦਨ ਕਰ ਵਿਭਾਗ ਵੱਲੋਂ 4.08 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 1.76 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।
ਜ਼ਿਲਿ੍ਹਆਂ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ’ਚ ਸਭ ਤੋਂ ਵੱਧ 60.3 ਕਰੋੜ ਰੁਪਏ, ਤਰਨਤਾਰਨ ਜ਼ਿਲ੍ਹੇ ’ਚ 53.74 ਕਰੋੜ ਰੁਪਏ, ਫ਼ਿਰੋਜ਼ਪੁਰ ਜ਼ਿਲ੍ਹੇ ’ਚ 49.34 ਕਰੋੜ ਰੁਪਏ ਅਤੇ ਫ਼ਾਜ਼ਿਲਕਾ ਜ਼ਿਲ੍ਹੇ ’ਚ 41.71 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ।
ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ’ਚ 25.42 ਕਰੋੜ ਰੁਪਏ, ਪਠਾਨਕੋਟ ’ਚ 21.4 ਕਰੋੜ ਰੁਪਏ, ਜਲੰਧਰ ’ਚ 17.34 ਕਰੋੜ ਰੁਪਏ, ਸੰਗਰੂਰ ’ਚ  11 ਕਰੋੜ ਰੁਪਏ, ਗੁਰਦਾਸਪੁਰ ’ਚ 10.38 ਕਰੋੜ ਰੁਪਏ, ਕਪੂਰਥਲਾ ’ਚ 6.02 ਕਰੋੜ ਰੁਪਏ, ਹੁਸ਼ਿਆਰਪੁਰ ’ਚ 4.89 ਕਰੋੜ ਰੁਪਏ, ਬਠਿੰਡਾ ’ਚ 3.94 ਕਰੋੜ ਰੁਪਏ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 3.90 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਹਨ।
ਓਧਰ ਬਰਨਾਲਾ ਜ਼ਿਲ੍ਹੇ ਵਿੱਚ 2.2 ਕਰੋੜ ਰੁਪਏ, ਮੋਗਾ ’ਚ 2.05 ਕਰੋੜ ਰੁਪਏ, ਪਟਿਆਲਾ ’ਚ 1.47 ਕਰੋੜ ਰੁਪਏ, ਰੂਪਨਗਰ ’ਚ 1.33 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ’ਚ 1.26 ਕਰੋੜ ਰੁਪਏ, ਮਾਨਸਾ ’ਚ 1 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ’ਚ  81.8  ਲੱਖ ਰੁਪਏ, ਮਾਲੇਰਕੋਟਲਾ ’ਚ 70 ਲੱਖ ਰੁਪਏ, ਫਰੀਦਕੋਟ ’ਚ 67 ਲੱਖ ਰੁਪਏ ਅਤੇ ਫਤਿਹਗੜ੍ਹ ਸਾਹਿਬ ’ਚ 59 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।
ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਸਿਬਿਨ ਸੀ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ  ਵਚਬੱਧਤਾ ਨਾਲ ਕੰਮ ਕਰ ਰਿਹਾ ਹੈ ।
——
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 25 ਅਪਰੈਲ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਸ. ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।
ਸ. ਸੰਧਵਾਂ ਨੇ ਕਿਹਾ ਕਿ ਸ. ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
———

LEAVE A REPLY

Please enter your comment!
Please enter your name here