ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਵੱਲੋਂ ਨਿਰਮਾਣ ਕਾਰਜਾਂ, ਛਿੜਕਾਅ ਤੇ ਸਿੰਚਾਈ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਕਰਨ ਦੀਆਂ ਹਦਾਇਤਾਂ

0
316

ਅੰਮ੍ਰਿਤਸਰ,ਰਾਜਿੰਦਰ ਰਿਖੀ -ਨੈਸਨਲ ਗ੍ਰੀਨ ਟਿ੍ਰਬਿਊਨਲ ਦੀ ਨਿਗਰਾਨ ਕਮੇਟੀ ਨੇ ਅੱਜ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਿਲ੍ਹੇ ਅੰਦਰ ਚੱਲ ਰਹੀ ਕੂੜਾ ਇਕੱਠਾ ਕਰਨ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਨਗਰ ਨਿਗਮ ਅੰਮ੍ਰਿਤਸਰ ਤੇ ਹੋਰ ਸਹਿਰੀ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਨਿਰਮਾਣ ਕਾਰਜਾਂ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਨਿਰਮਾਣ ਕਾਰਜਾਂ ਲਈ ਜਮੀਨ ਹੇਠਲੇ ਪਾਣੀ ਦੀ ਵਰਤੋਂ ‘ਤੇ ਪਾਬੰਦੀ ਹੈ। ਉਨ੍ਹਾਂ ਇਸ ਗੱਲ ‘ਤੇ ਜੋਰ ਦਿੱਤਾ ਕਿ ਲੋਕਾਂ ਨੂੰ ਨਿਰਮਾਣ ਕਾਰਜਾਂ ਲਈ ਨਿਸਚਿਤ ਕੀਮਤ ‘ਤੇ ਸੋਧੇ ਹੋਏ ਪਾਣੀ ਦੀ ਸਪਲਾਈ ਕਰਨ ਦੀ ਸੰਭਾਵਨਾ ਤਲਾਸੀ ਜਾਵੇ ਤਾਂ ਜੋ ਵਡਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਸਾਰੀ ਕਾਰਜਾਂ ਲਈ ਢੁੱਕਵੇਂ ਮੁੱਲ ‘ਤੇ ਸੋਧਿਆ ਹੋਇਆ ਪਾਣੀ ਮੁਹੱਈਆ ਕਰਵਾਉਣ ਨਾਲ ਨਾ ਸਿਰਫ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਮਿਲੇਗੀ ਸਗੋਂ ਨਗਰ ਨਿਗਮਾਂ/ਕੌਂਸਲਾਂ ਦੇ ਮਾਲੀਏ ਵਿੱਚ ਵੀ ਵਾਧਾ ਹੋਵੇਗਾ।

ਕਮੇਟੀ ਦੇ ਚੇਅਰਮੈਨ, ਜਿਨ੍ਹਾਂ ਨਾਲ ਕਮੇਟੀ ਦੇ ਮੈਂਬਰ ਸਾਬਕਾ ਮੁੱਖ ਸਕੱਤਰ ਐਸ.ਸੀ. ਅਗਰਵਾਲ ਤੇ ਬਾਬੂ ਰਾਮ ਅਤੇ ਡਿਪਟੀ ਕਮਿਸਨਰ ਹਰਪ੍ਰੀਤ ਸਿੰਘ ਸੂਦਨ ਮੌਜੂਦ ਸਨ, ਨੇ ਕਿਹਾ ਕਿ ਸੜਕਾਂ ‘ਤੇ ਸਫਾਈ ਕਰਨ ਤੋਂ ਪਹਿਲਾਂ ਛਿੜਕਾਅ ਲਈ ਵੀ ਸੋਧੇ ਹੋਏ ਪਾਣੀ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਧੇ ਹੋਏ ਪਾਣੀ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ ਅਤੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਜੋਰਦਾਰ ਮੁਹਿੰਮ ਚਲਾਉਣੀ ਚਾਹੀਦੀ ਹੈ।

ਜਸਟਿਸ ਜਸਬੀਰ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਡੰਪ ਵਾਲੀਆਂ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਚਾਰਦਿਵਾਰੀ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਗਰੀਨ ਬੈਲਟ ਵਿੱਚ ਪੌਦੇ ਵੀ ਲਗਾਏ ਜਾਣ। ਉਨਾਂ ਨੇ ਕਿਹਾ ਕਿ ਹਰੇਕ ਘਰ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇ ਅਤੇ ਇਸਦੇ ਨਾਲ ਹੀ ਕੂੜੇ ਵਾਲੀ ਗੱਡੀਆਂ ਵਿੱਚ ਇਕ ਹੋਰ ਡੱਬਾ ਲਗਾਇਆ ਜਾਵੇ, ਜਿਸ ਵਿਚ ਇਲੈਕਟ੍ਰਾਨਿਕ ਦਾ ਸਾਮਾਨ ਇਕੱਠਾ ਕੀਤਾ ਜਾਵੇੇ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੇ ਅੰਦਰ ਘੱਟ ਤੋਂ ਘੱਟ ਦੋ ਵਾਰ ਰੋਜ਼ਾਨਾ ਮੈਨੂਅਲ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਚੇਅਰਮੈਨ ਨਿਗਰਾਨ ਕਮੇਟੀ ਨੇ ਕਿਹਾ ਕਿ ਸਮਾਰਟ ਸਿਟੀ ਦੇ ਅਧੀਨ ਕੁਝ ਥਾਵਾਂ ਦੀ ਨਿਸ਼ਾਨਦੇਹੀ ਪਹਿਲਾਂ ਹੀ ਕਰ ਲਈ ਜਾਵੇ, ਜਿਥੇ ਮਰੇ ਹੋਏ ਪਸ਼ੂਆਂ ਨੂੰ ਦਫਨਾਇਆ ਜਾ ਸਕੇ। ਜਸਟਿਸ ਜਸਬੀਰ ਸਿੰਘ ਨੇ ਸਿਹਤ ਅਫ਼ਸਰ ਨਗਰ ਨਿਗਮ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਜਿਸ ਤੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ ਨੇ ਦੱਸਿਆ ਕਿ ਉਨਾਂ ਵਲੋਂ 455 ਚਾਲਾਨ ਕੱਟੇ ਗਏ ਹਨ ਅਤੇ ਵੱਡੀ ਮਾਤਰਾ ਵਿੱਚ ਸਿੰਗਲ ਯੂਜ ਪਲਾਸਟਿਕ ਨੂੰ ਜ਼ਬਤ ਕੀਤਾ ਗਿਆ ਹੈ।

ਕਮੇਟੀ ਦੇ ਚੇਅਰਮੈਨ ਨੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟ, ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਸੋਰਸ ਸੈਗਰੀਗੇਸਨ ਅਤੇ ਹੋਰ ਕਾਰਜਾਂ ਦੀ ਧੀਮੀ ਪ੍ਰਗਤੀ ‘ਤੇ ਨਾਰਾਜਗੀ ਜਾਹਰ ਕੀਤੀ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀ ਰਿਪੋਰਟ ਵਿੱਚ ਟੈਂਡਰਿੰਗ ਤੋਂ ਲੈ ਕੇ ਲਾਗੂ ਹੋਣ ਦੀ ਮਿਤੀ ਅਤੇ ਮੁਕੰਮਲ ਹੋਣ ਤੱਕ ਹਰੇਕ ਪ੍ਰਾਜੈਕਟ ਦੀ ਸਮਾਂ ਸੀਮਾ ਦਾ ਜ਼ਿਕਰ ਕਰਨ ਲਈ ਵੀ ਕਿਹਾ ਅਤੇ ਕਿਹਾ ਕਿ ਕਮੇਟੀ ਵੱਲੋਂ ਸਾਈਟਾਂ ਦਾ ਦੌਰਾ ਕਰਕੇ ਇਨ੍ਹਾਂ ਪ੍ਰੋਜੈਕਟਾਂ ਦੀ ਪ੍ਰਗਤੀ ‘ਤੇ ਨਜਰ ਰੱਖੀ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਮੀਟਿੰਗ ਵਿੱਚ ਹਾਜਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਸੌਂਪੇ ਗਏ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।

LEAVE A REPLY

Please enter your comment!
Please enter your name here