ਪੁਲਿਸ ਪਾਰਟੀ ਵਲੋਂ ਇਲਾਕੇ ਵਿੱਚ ਗਸ਼ਤ ਤੇ ਚੈਕਿੰਗ ਲਗਾਤਾਰ ਜਾਰੀ- ਥਾਣਾ ਮੁਖੀ ਰਾਜ ਕੁਮਾਰ
ਰਾਕੇਸ਼ ਨਈਅਰ
ਤਰਨਤਾਰਨ,16 ਜੁਲਾਈ
ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਸ਼੍ਰੀ ਅਸ਼ਵਨੀ ਕਪੂਰ ਵਲੋਂ ਜਾਰੀ ਸਖ਼ਤ ਹਦਾਇਤਾਂ ਤਹਿਤ ਡੀ.ਐਸ.ਪੀ ਸਬ-ਡਵੀਜ਼ਨ ਸ਼੍ਰੀ ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ ਦੀ ਅਗਵਾਈ ਹੇਠ ਇਲਾਕੇ ਵਿੱਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਹਰ ਪਾਸੇ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ।ਪੁਲਿਸ ਪਾਰਟੀ ਵਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜ਼ੋ ਸਮਾਜ ਵਿਰੋਧੀ ਅਨਸਰਾਂ ਦੇ ਮਨ ਵਿੱਚ ਡਰ ਪੈਦਾ ਕੀਤਾ ਜਾ ਸਕੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਸਬ-ਇੰਸਪੈਕਟਰ ਰਾਜ ਕੁਮਾਰ ਨੇ ਗੱਲਬਾਤ ਦੌਰਾਨ ਕੀਤਾ। ਥਾਣਾ ਮੁਖੀ ਰਾਜ ਕੁਮਾਰ ਨੇ ਕਿਹਾ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿੱਚ ਅਮਨ-ਸ਼ਾਂਤੀ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਵੱਲੋਂ ਮਾੜੇ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਸਰਗਰਮ ਹੈ ਅਤੇ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਥਾਣਾ ਮੁਖੀ ਰਾਜ ਕੁਮਾਰ ਨੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਜਨਤਾ ਦੇ ਸਾਥ ਨਾਲ ਹੀ ਜ਼ੁਰਮ ‘ਤੇ ਕਾਬੂ ਪਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਅਗਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਦਾ ਪਤਾ ਚੱਲਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣੀ ਚਾਹੀਦੀ ਹੈ ਤਾਂ ਜੋ ਅਜਿਹੇ ਅਨਸਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਪੁਲਿਸ ਨੂੰ ਸੂਚਨਾ ਦੇਣ ਵਾਲੇ ਦਾ ਨਾਮ-ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਲੋਕ ਪੁਲਿਸ ਨੂੰ ਹਮੇਸ਼ਾ ਸੱਚੀ ਇਤਲਾਹ ਦੇਣ ਤਾਂਕਿ ਪੁਲਿਸ ਆਪਣਾ ਕੰਮ ਪਾਰਦਰਸ਼ੀ ਢੰਗ ਨਾਲ ਕਰ ਸਕੇ।ਐਸ.ਐਚ.ਓ ਰਾਜ ਕੁਮਾਰ ਵਲੋਂ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵਾਹਨ ਚਲਾਉਂਦੇ ਸਮੇਂ ਉਸਦੇ ਪੂਰੇ ਕਾਗਜ਼ਾਤ ਆਪਣੇ ਕੋਲ ਰੱਖਣ ਤਾਂ ਜ਼ੋ ਕਿਸ ਵੀ ਤਰ੍ਹਾਂ ਦੀ ਪੁਲਿਸ ਕਾਰਵਾਈ ਤੋਂ ਬਚਿਆ ਜਾ ਸਕੇ।ਅਖੀਰ ਵਿੱਚ ਥਾਣਾ ਮੁਖੀ ਸਬ-ਇੰਸਪੈਕਟਰ ਰਾਜ ਕੁਮਾਰ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਆਪਣੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਉਣ ਲਈ ਕਿਹਾ।