ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

0
58

ਨਾੜ੍ਹ ਨੂੰ ਅੱਗ ਲਗਾਉਣ ’ਤੇ ਨਿਯਮਾਂ ਅਨੁਸਾਰ ਕੀਤੇ ਜਾਣ ਚਲਾਣ-ਪਰਮਵੀਰ ਸਿੰਘ
ਮਾਨਸਾ, 16 ਅਪ੍ਰੈਲ:
ਕਣਕ ਦੇ ਵਾਢੀ ਸੀਜ਼ਨ ਦੇ ਮੱਦੇਨਜ਼ਰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਆਮ ਤੌਰ ’ਤੇ ਵੇਖਣ ਵਿੱਚ ਆਉਂਦਾ ਹੈ ਕਿ ਫਸਲ ਕੱਟਣ ਤੋਂ ਬਾਅਦ ਕਿਸਾਨਾਂ ਵੱਲੋਂ ਕਣਕ ਦੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਬਲਕਿ ਇਸ ਦੀ ਸੰਭਾਲ ਕੀਤੀ ਜਾ ਸਕਦੀ ਹੈ। ਨਾੜ੍ਹ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਨ ਵਧਦਾ ਹੈ ਅਤੇ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਟੀਮਾਂ ਬਣਾ ਕੇ ਲਗਾਤਾਰ ਕਿਸਾਨਾਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜ੍ਹੇ ਹਾਟ-ਸਪਾਟ ਇਲਾਕੇ ਹਨ, ਉਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਕਣਕ ਦੇ ਨਾੜ੍ਹ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਹੋਰ ਵੀ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਤੂੜੀ ਪ੍ਰਬੰਧਨ ਲਈ ਕਿਸਾਨ ਸਰਕਾਰੀ ਗਊਸ਼ਾਲਾ, ਖੋਖਰ ਕਲਾਂ ਵਿਖੇ ਤਾਲਮੇਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਨਾੜ੍ਹ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉਸ ਸਬੰਧੀ ਤੁਰੰਤ ਰਿਪੋਰਟ ਕੀਤੀ ਜਾਵੇ ਅਤੇ ਅੱਗ ਲਗਾਉਣ ਵਾਲੇ ਕਿਸਾਨ ਦੇ ਨਿਯਮਾਂ ਅਨੁਸਾਰ ਚਲਾਣ ਕਰਕੇ ਜ਼ਮੀਨ ਦੀ ਫ਼ਰਦ ਵਿਚ ਲਾਲ ਐਂਟਰੀ ਦਰਜ ਕੀਤੀ ਜਾਵੇ।

ਉਨ੍ਹਾਂ ਸਮੂਹ ਕਲੱਸਟ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨੋਡਲ ਅਫ਼ਸਰਾਂ ਨਾਲ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਕੀਤੀਆਂ ਜਾਣ ਵਾਲੀਆਂ ਜ਼ਰੂਰੀ ਗਤੀਵਿਧੀਆਂ ਉਲੀਕਣ ਲਈ ਮੀਟਿੰਗ ਕਰਨ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਨੇ ਸਮੂਹ ਅਧਿਕਾਰੀਆਂ ਨੂੰ ਕਣਕ ਦੇ ਨਾੜ੍ਹ ਦੇ ਯੋਗ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਜ਼ੀਰੋ ਬਰਨਿੰਗ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਪੱਧਰ ’ਤੇ ਕਿਸਾਨ ਜਾਗਰੂਕਤਾ ਕੈਂਪ ਲਗਾਉਣ ਲਈ ਕਿਹਾ।

ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਮਨਮੋਹਨ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰ. ਹਰਸਿਮਰਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here