ਸੰਗਰੂਰ, 31 ਮਈ, 2023: ਹਾਲ ਹੀ ਵਿੱਚ ਮੁਕੰਮਲ ਹੋਏ ਕਣਕ ਦੀ ਖਰੀਦ ਸੀਜ਼ਨ ਨਾਲ ਜੁੜੇ ਸਮੁੱਚੇ ਕਾਰਜਾਂ ਨੂੰ ਸ਼ਾਨਦਾਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਸੰਗਰੂਰ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਚੰਡੀਗੜ੍ਹ ਵਿਖੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਪਹਿਲੇ ਸਥਾਨ ਵਜੋਂ ਐਵਾਰਡ ਪ੍ਰਦਾਨ ਕੀਤਾ ਗਿਆ। ਫੂਡ ਸਪਲਾਈ ਮੰਤਰੀ ਨੇ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ, ਆਨਲਾਈਨ ਗੇਟ ਪਾਸ, ਵਹੀਕਲ ਟਰੈਕਿੰਗ ਸਿਸਟਮ ਸਮੇਤ ਹੋਰ ਕਾਰਜਾਂ ਨੂੰ ਯੋਜਨਾਬੱਧ ਤਰੀਕੇ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ ਅਤੇ ਸਬੰਧਤ ਵਿਭਾਗਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਭੇਟ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸੰਗਰੂਰ ਸਤਵੀਰ ਸਿੰਘ ਮਾਵੀ ਨੇ ਇਹ ਐਵਾਰਡ ਪ੍ਰਾਪਤ ਕੀਤਾ। ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਤਵੀਰ ਸਿੰਘ ਮਾਵੀ ਨੇ ਦੱਸਿਆ ਕਿ ਸਾਲ 2023-24 ਸੀਜ਼ਨ ਦੌਰਾਨ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚੋ 8 ਲੱਖ 86 ਹਜ਼ਾਰ 353 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜੋ ਕਿ ਪਿਛਲੇ ਸਾਲ ਨਾਲੋਂ ਕਰੀਬ ਡੇਢ ਲੱਖ ਮੀਟ੍ਰਿਕ ਟਨ ਵੱਧ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕਰੀਬ 1642 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਇਆ ਗਿਆ ਹੈ।
Boota Singh Basi
President & Chief Editor