ਕਾਂਗਰਸ ਕਿਸੇ ਨੂੰ ਵੀ ਸੀ ਐਮ ਫੇਸ ਬਣਾਏ, ਕੋਈ ਫਰਕ ਨਹੀਂ ਪੈਂਦਾ – ਰਾਘਵ ਚੱਢਾ

0
396

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਚੰਨੀ ਦੇ ਨਾਮ ਨਾਲ ਕੋਈ ਫਰਕ ਨਹੀਂ ਪੈਣ ਵਾਲਾ । ਕਾਂਗਰਸ ਕਿਸੇ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਬਣਾਵੇ, ਹੁਣ ਪੰਜਾਬ ਦੀ ਜਨਤਾ ਉਸ ਨੂੰ ਵੋਟ ਨਹੀਂ ਦੇਣ ਵਾਲੀ। ਪੰਜਾਬ ਦੀ ਜਨਤਾ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਹਰ ਵਰਗ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ। 20 ਫਰਵਰੀ ਨੂੰ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ‘ਆਪ’ ਦੀ ਸਰਕਾਰ ਬਣਾਉਣ ਲਈ ਝਾੜੂ ਦਾ ਬਟਨ ਦਬਾਉਣ ਦਾ ਫੈਸਲਾ ਕੀਤਾ ਹੈ। ਚੱਢਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਨੂੰ ਪੂਰੇ ਪੰਜਾਬ ਦੀ ਤਿੰਨ ਕਰੋੜ ਆਬਾਦੀ ਵਿੱਚੋਂ ਸਿਰਫ਼ ਚੰਨੀ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਮਿਲਿਆ ਹੈ। ਕਾਂਗਰਸ ਨੇ ਆਪਣਾ ਮੁੱਖ ਮੰਤਰੀ ਚਿਹਰਾ ਇੱਕ ਅਜਿਹੇ ਵਿਅਕਤੀ ਨੂੰ ਬਣਾਇਆ ਹੈ ਜਿਸ ਦਾ ਇਕ ਨਜਦੀਕੀ ਰਿਸ਼ਤੇਦਾਰ ਰੇਤ ਖਣਨ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਹੈ। ਅਜਿਹੇ ਵਿਅਕਤੀ ਨੂੰ ਮੁੱਖ ਮੰਤਰੀ ਚਿਹਰਾ ਬਣਾ ਕੇ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਸਿਧੇ ਤੌਰ ’ਤੇ ਧੋਖਾ ਕੀਤਾ ਹੈ। ਚੱਢਾ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਦਲਾਂ ਅਤੇ ਕਾਂਗਰਸ ਨੂੰ 50 ਸਾਲ ਸਰਕਾਰ ਚਲਾਉਣ ਦਾ ਮੌਕਾ ਮਿਲਿਆ, ਪਰ ਇਨ੍ਹਾਂ ਨੇ ਸੱਤਾ ਵਿੱਚ ਰਹਿ ਕੇ ਜਨਤਾ ਦਾ ਕੰਮ ਕਰਨ ਦੀ ਬਜਾਏ ਸਿਰਫ਼ ਆਪਣੀਆਂ ਜੇਬਾਂ ਭਰੀਆਂ। ਇਸ ਵਾਰ ਇੱਕ ਮੌਕਾ ਇਮਾਨਦਾਰ ਨੇਤਾ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਦੇ ਕੇ ਵੇਖੋ। ਪੰਜਾਬ ਨੂੰ ਬਸ ਇੱਕ ਇਮਾਨਦਾਰ ਅਤੇ ਚੰਗੀ ਸੋਚ ਵਾਲੀ ਸਰਕਾਰ ਦੀ ਲੋੜ ਹੈ। ਇਮਾਨਦਾਰ ਸਰਕਾਰ ਹੀ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾ ਸਕਦੀ ਹੈ। ਜੇਕਰ ਇਸ ਵਾਰ ਅਜਿਹੇ ਰੇਤ ਚੋਰ, ਕੇਬਲ ਅਤੇ ਟਰਾਂਸਪੋਰਟ ਮਾਫੀਆ ਦੇ ਹੱਥਾਂ ਵਿੱਚ ਪੰਜਾਬ ਦੀ ਸੱਤਾ ਚਲੀ ਗਈ ਤਾਂ ਕੁਝ ਨਹੀਂ ਬਚੇਗਾ।

LEAVE A REPLY

Please enter your comment!
Please enter your name here