ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ‘ਜੱਸੀ’ ਖੰਗੂਰਾ ‘ਆਪ’ ‘ਚ ਸ਼ਾਮਲ

0
363

* ਕੇਜਰੀਵਾਲ ਨੇ ਪਾਰਟੀ ‘ਚ ਕਰਵਾਇਆ ਸ਼ਾਮਲ, ਕੀਤਾ ਸਵਾਗਤ
ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਦਿੱਗਜ ਨੇਤਾਵਾਂ ਵੱਲੋਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ‘ਜੱਸੀ’ ਖੰਗੂਰਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਕਾਂਗਰਸੀ ਆਗੂ ਜਸਬੀਰ ਸਿੰਘ ‘ਜੱਸੀ’ ਖੰਗੂਰਾ ਨੇ ਪਾਰਟੀ ਦਾ ਲੜ ਫੜਿਆ। ਜਸਬੀਰ ਸਿੰਘ ‘ਜੱਸੀ’ ਖੰਗੂਰਾ ਆਪਣੀ ਬਰਤਾਨਵੀ ਨਾਗਰਿਕਤਾ ਤਿਆਗ ਕੇ ਯੂ ਕੇ ਤੋਂ ਵਤਨ ਪਰਤੇ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹੋ ਗਏ। ਉਨ੍ਹਾਂ ਨੇ 2007 ਵਿੱਚ ਪੰਜਾਬ ਦੀ ਕਿਲਾ ਰਾਏਪੁਰ ਸੀਟ ਤੋਂ 10,876 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। ਕਿਲ੍ਹਾ ਰਾਏਪੁਰ ਸੀਟ ‘ਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦਬਦਬਾ ਸੀ ਅਤੇ ਪੰਜਾਬ ਦੀ ਇਹ ਇਕਲੌਤੀ ਸੀਟ ਸੀ ਜਿਸ ‘ਤੇ ਕਾਂਗਰਸ ਕਦੇ ਵੀ ਜਿੱਤ ਪ੍ਰਾਪਤ ਨਹੀਂ ਕੀਤੀ। ਇਸ ਤੋਂ ਬਾਅਦ 2012 ਵਿੱਚ ਜੱਸੀ ਨੇ ਦਾਖਾ ਤੋਂ ਚੋਣ ਲੜੀ, ਕਿਉਂਕਿ ਕਿਲਾ ਰਾਏਪੁਰ ਸੀਟ ਨੂੰ ਖਤਮ ਕਰ ਦਿੱਤਾ ਗਿਆ ਸੀ। ਜੱਸੀ ਇੱਥੋਂ ਹਾਰ ਗਏ ਸਨ, ਪਰ ਉਨ੍ਹਾਂ ਨੇ ਇੱਥੋਂ ਰਿਕਾਰਡ 55,820 ਵੋਟਾਂ ਹਾਸਲ ਕੀਤੀਆਂ, ਇਸਤੋਂ ਬਾਅਦ ਹੋਈਆਂ ਅਗਲੀਆਂ ਦੋ ਚੋਣਾਂ ਵਿੱਚ ਕਾਂਗਰਸ ਦਾ ਕੋਈ ਵੀ ਉਮੀਦਵਾਰ ਇਸ ਅੰਕੜੇ ਤੱਕ ਨਹੀਂ ਪਹੁੰਚ ਸਕਿਆ। ਜਸਬੀਰ ਸਿੰਘ ‘ਜੱਸੀ’ ਖੰਗੂਰਾ ਨੇ ਆਕਸਫੋਰਡ ਤੋਂ ਮੈਡੀਕਲ ਪੜ੍ਹਾਈ ਕੀਤੀ ਹੋਈ ਹੈ ਅਤੇ ਲੁਧਿਆਣਾ ਦੇ ਕਾਰੋਬਾਰੀ ਹਨ। ਉਨ੍ਹਾਂ ਦੀ ਪਤਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਦੀ ਪੋਤੀ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਜਸਬੀਰ ਸਿੰਘ ‘ਜੱਸੀ’ ਖੰਗੂਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਆਪਸੀ ਫੁੱਟ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਹੁਣ ਮੌਕਾਪ੍ਰਸਤ ਅਤੇ ਸੱਤਾ ਦੇ ਲਾਲਚੀ ਲੋਕਾਂ ਦੀ ਪਾਰਟੀ ਬਣ ਚੁੱਕੀ ਹੈ। ਕੁਰਸੀ ਲਈ ਕਾਂਗਰਸੀ ਨੇਤਾਵਾਂ ਦੀ ਆਪਸੀ ਲੜਾਈ ਦਾ ਖਮਿਆਜ਼ਾ ਪੰਜਾਬ ਦੇ ਗਰੀਬ ਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਪੂਰੀ ਤਰ੍ਹਾਂ ਆਪਣੇ ਆਦਰਸ਼ਾਂ ਅਤੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ।

LEAVE A REPLY

Please enter your comment!
Please enter your name here