Ukraine-Russia War: ਯੂਕਰੇਨ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੇ ਮਾਮਲੇ ‘ਤੇ ਵਿਦੇਸ਼ ਮੰਤਰਾਲੇ ਨੇ ਆਪਣਾ ਸਪੱਸ਼ਟੀਕਰਨ ਜਾਰੀ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਵਰਗੀ ਸਥਿਤੀ ਬਾਰੇ ਕੋਈ ਖ਼ਬਰ ਨਹੀਂ। ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਉਸ ਦੇ ਹਥਿਆਰਬੰਦ ਬਲ ਯੂਕਰੇਨੀ ਸ਼ਹਿਰ ਖਾਰਕੀਵ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ। ਭਾਰਤ ਵਿੱਚ ਰੂਸੀ ਦੂਤਾਵਾਸ ਦੇ ਇੱਕ ਅਧਿਕਾਰੀ ਨੇ ਰੂਸੀ ਰੱਖਿਆ ਮੰਤਰਾਲੇ ਦੀ ਬ੍ਰੀਫਿੰਗ ਦੇ ਵੇਰਵੇ ਸਾਂਝੇ ਕੀਤੇ। ਮਾਸਕੋ ਵਿੱਚ ਇੱਕ ਮੀਡੀਆ ਬ੍ਰੀਫਿੰਗ ਵਿੱਚ ਰੱਖਿਆ ਮੰਤਰਾਲੇ ਨੇ ਇਹ ਵੀ ਇਲਜ਼ਾਮ ਲਾਇਆ ਕਿ ਯੂਕਰੇਨ ਦੇ ਅਧਿਕਾਰੀ ਬੇਲਗੋਰੋਡ ਜਾਣ ਦੀ ਇੱਛਾ ਦੇ ਵਿਰੁੱਧ ਖਾਰਕੀਵ ਵਿੱਚ ਭਾਰਤੀ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈ ਰਹੇ ਹਨ। ਭਾਰਤ ਵਿੱਚ ਰੂਸੀ ਦੂਤਾਵਾਸ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ ਦੇ ਸੁਰੱਖਿਆ ਬਲਾਂ ਨੇ ਮਨੁੱਖੀ ਢਾਲ ਵਜੋਂ ਵਰਤਣ ਲਈ ਬੰਧਕ ਬਣਾ ਲਿਆ ਹੈ। ਦੂਤਾਵਾਸ ਨੇ ਟਵੀਟ ਕੀਤਾ ਕਿ ਤਾਜ਼ਾ ਜਾਣਕਾਰੀ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੂੰ ਅਸਲ ‘ਚ ਯੂਕਰੇਨ ਦੇ ਸੁਰੱਖਿਆ ਬਲਾਂ ਨੇ ਬੰਧਕ ਬਣਾ ਲਿਆ ਹੈ, ਜੋ ਉਨ੍ਹਾਂ ਨੂੰ ਮਨੁੱਖੀ ਢਾਲ ਦੇ ਰੂਪ ‘ਚ ਇਸਤੇਮਾਲ ਕਰ ਰਹੇ ਹਨ ਅਤੇ ਹਰ ਸੰਭਵ ਤਰੀਕੇ ਨਾਲ ਉਨ੍ਹਾਂ ਨੂੰ ਰੂਸ ਜਾਣ ਤੋਂ ਰੋਕ ਰਹੇ ਹਨ। ਇਸ ਲਈ ਕੀਵ ਦੇ ਅਧਿਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ।
Boota Singh Basi
President & Chief Editor