ਕੇਕੇਯੂ ਵੱਲੋਂ ਸਰਕਾਰੀ ਹਸਪਤਾਲ ਵਿੱਚ ਖਾਲੀ ਅਸਾਮੀਆਂ ਦੀ ਪੂਰਤੀ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ

0
88

ਲੌਂਗੋਵਾਲ, 22 ਜਨਵਰੀ, 2023: ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪੱਤੀ ਜੈਦ ਵਿਖੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵਿਚਾਰ ਚਰਚਾ ਕੀਤੀ ਗਈ ਕਿ ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਖਾਲੀ ਪਈਆਂ ਅਸਾਮੀਆਂ ਪੂਰੀਆਂ ਕਰਵਾਉਣ ਅਤੇ ਐਮਰਜੈਂਸੀ ਚਾਲੂ ਕਰਵਾਉਣ ਲਈ 2 ਮਈ ਤੋਂ ਸ਼ੁਰੂ ਕੀਤੇ ਜਾ ਰਹੇ ਪੱਕੇ ਮੋਰਚੇ ਦੀ ਵਿਉਂਤਬੰਦੀ ਕੀਤੀ ਗਈ। ਜਿਸਦੀ ਸ਼ੁਰੂਆਤ ਅੱਜ ਪੋਸਟਰ ਲਗਾਉਣ ਤੋਂ ਕੀਤੀ ਗਈ। ਆਗੂ ਨੇ ਦੱਸਿਆ ਕਿ ਲੌਂਗੋਵਾਲ ਦੇ ਸਰਕਾਰੀ ਹਸਪਤਾਲ ਜੋ ਕਿ ਆਲੇ-ਦੁਆਲੇ ਦੇ 25 ਪਿੰਡਾਂ ਦੀ ਸਹੂਲਤ ਲਈ ਬਣਿਆ ਹੈ ਵਿੱਚ ਇਸ ਸਮੇਂ ਮਾਹਰ ਡਾਕਟਰਾਂ ਦੀਆਂ ਚਾਰ ਅਸਾਮੀਆਂ ਖਾਲੀ ਹਨ, ਐਕਸਰੇ ਮਸ਼ੀਨ ਖਰਾਬ ਹੈ ਅਤੇ ਕੋਈ ਰੇਡੀਓਗ੍ਰਾਫਰ ਵੀ ਨਹੀਂ ਹੈ, ਦਰਜਾ ਚਾਰ ਸਮੇਤ ਬਾਕੀ ਅਮਲੇ ਦੀਆਂ ਵੀ ਕਰੀਬ ਦਰਜਨ ਪੋਸਟਾਂ ਖਾਲੀ ਹਨ।ਇਸੇ ਤਰ੍ਹਾਂ ਪੀਣ ਵਾਲੇ ਪਾਣੀ ਦੀ ਵੀ ਦਿੱਕਤ ਹੈ ਮੋਟਰ ਖਰਾਬ ਹੋ ਚੁੱਕੀ ਹੈ ਅਤੇ ਬਿਲਡਿੰਗ ਦੀ ਵੀ ਮਾੜੀ ਹਾਲਤ ਹੈ।

ਆਗੂਆਂ ਨੇ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵੱਲੋ ਫਰਵਰੀ ਮਹੀਨੇ ਵਿਚ ਵੀ ਹਸਪਤਾਲ ਦੀ ਹਾਲਤ ਸੁਧਾਰਨ ਲਈ ਸੰਘਰਸ਼ ਕੀਤਾ ਗਿਆ ਸੀ ਤਾਂ ਉਸ ਸਮੇਂ ਕੈਬਨਿਟ ਮੰਤਰੀ ਅਰੋੜਾ ਨੇ ਆ ਕੇ ਲੋਕਾਂ ਨੂੰ ਵਿਸ਼ਵਾਸ ਦੁਆਇਆ ਸੀ ਕਿ ਇਕ ਹਫਤੇ ਅੰਦਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ, ਪਰ ਅੱਜ ਤੱਕ ਵੀ ਹਾਲਤ ਉਹੀ ਹੈ। ਲੋਕਾਂ ਕੋਲ ਸੰਘਰਸ਼ ਤੋਂ ਬਿਨਾਂ ਕੋਈ ਰਾਹ ਨਹੀਂ ਬਚਿਆ ਹੈ। ਸਰਕਾਰ ਮੁਹੱਲਾ ਕਲੀਨਿਕ ਦੀ ਇਸ਼ਤਿਹਾਰਬਾਜ਼ੀ ਅਤੇ ਡਰਾਮੇਬਾਜੀ ਛੱਡ ਕੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਬਣੀਆਂ ਸੰਸਥਾਵਾਂ ਨੂੰ ਸੰਭਾਲਣ ਦਾ ਕੰਮ ਕਰੇ। ਕਿਰਤੀ ਕਿਸਾਨ ਯੂਨੀਅਨ ਵੱਲੋਂ ਬਾਕੀ ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਹਸਪਤਾਲ ਦੇ ਗੇਟ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਜਿਸ ਦੀ ਤਿਆਰੀ ਲਈ ਪੋਸਟਰ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਤੋਂ ਬਾਅਦ ਰੈਲੀਆਂ, ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

LEAVE A REPLY

Please enter your comment!
Please enter your name here