ਢਢੋਗਲ/ਧੂਰੀ, 10 ਅਗਸਤ, 2023: ਪੰਜਾਬ ਰਿਆਸਤੀ ਪਰਜਾ ਮੰਡਲ ਦੇ ਪ੍ਰਧਾਨ ਰਹੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ 85ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਅਮਰ ਸ਼ਹੀਦ ਸ. ਭਗਤ ਸਿੰਘ ਢਢੋਗਲ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਉਨ੍ਹਾਂ ਨੇ ਆਪਣਾ ਜੀਵਨ ਹੋਰਨਾਂ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦੇ ਦਿਖਾਏ ਦੇਸ਼ ਭਗਤੀ ਦੇ ਮਾਰਗ ਉਤੇ ਸਾਨੂੰ ਸਾਰਿਆਂ ਨੂੰ ਚੱਲਣ ਦੀ ਲੋੜ ਹੈ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੇ ਹੋਏ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਸਰਗਰਮ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਖੰਡ ਭਾਰਤ ਦੀ ਆਜ਼ਾਦੀ ਲਈ ਅਤੇ ਆਮ ਜਨਤਾ ਨੂੰ ਰਾਜ-ਭਾਗ ਦਾ ਹਿੱਸੇਦਾਰ ਬਣਾਉਣ ਲਈ ਸ. ਭਗਤ ਸਿੰਘ ਢਢੋਗਲ ਨੇ 10 ਅਗਸਤ 1938 ਨੂੰ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ । ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ ਇੱਕ ਸਾਲ ਦੇ ਅੰਦਰ ਅੰਦਰ ਪਿੰਡ ਢਢੋਗਲ ਦੇ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਇਸ ਮੌਕੇ ਸ਼ਹੀਦ ਭਗਤ ਸਿੰਘ ਢਢੋਗਲ ਦੇ ਬੁੱਤ ਦੇ ਆਲੇ ਦੁਆਲੇ ਪਾਰਕ ਦੇ ਕਾਇਆ ਕਲਪ ਲਈ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਵਾਸੀਆਂ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਸ਼ਾਮਲ ਹਰ ਮੰਗ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਓ ਐਸ ਡੀ ਪ੍ਰੋਫੈਸਰ ਓਂਕਾਰ ਸਿੰਘ, ਐੱਸ ਡੀ ਐੱਮ ਅਮਿਤ ਗੁਪਤਾ, ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਜੱਸੀ ਸੇਖੋਂ, ਰਾਜਵੰਤ ਸਿੰਘ ਘੁੱਲੀ, ਸਤਿੰਦਰ ਸਿੰਘ ਚੱਠਾ, ਅਨਵਰ ਭਸੌੜ , ਸੁਖਬੀਰ ਸਿੰਘ ਗੋਰਾ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।