* ਕਿਸਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਹਰ ਕੁਰਬਾਨੀ ਦੇਣ ਨੂੰ ਤਿਆਰ – ਅਰੁਨਾ ਚੌਧਰੀ
* ਲਖੀਮਪੁਰ ਖੀਰੀ ਦੀ ਘਟਨਾ ਦੱਸਿਆ ਸ਼ਰਮਨਾਕ
ਦੀਨਾਨਗਰ, (ਸਰਬਜੀਤ ਸਾਗਰ)-ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਬੇਹੱਦ ਸ਼ਰਮਨਾਕ ਕਰਾਰ ਦਿੰਦਿਆਂ ਦੋਸ਼ ਲਗਾਇਆ ਹੈ ਕਿ ਭਾਰਤ ਵਿੱਚ ਡੈਮੋਕਰੇਰੀ ਨਾਂ ਦੀ ਕੋਈ ਚੀਜ਼ ਨਹੀਂ ਰਹੀ ਅਤੇ ਮੋਦੀ ਸਰਕਾਰ ਡਿਕਟੇਟਰਸ਼ਿਪ ਨਾਲ ਰਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇੱਕ ਮੰਤਰੀ ਦੇ ਪੁੱਤਰ ਨੇ ਸ਼ਰੇਆਮ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲ ਕੀਤਾ ਹੈ ਪਰ ਮੋਦੀ ਸਰਕਾਰ ਦੋਸ਼ੀਆਂ ’ਤੇ ਕਾਰਵਾਈ ਦੀ ਬਜਾਏ ਉਨ੍ਹਾਂ ਨੂੰ ਬਚਾਉਣ ’ਚ ਲੱਗੀ ਹੋਈ, ਜੋ ਅਫ਼ਸੋਸਜਨਕ ਹੈ। ਮੰਤਰੀ ਅਰੁਨਾ ਚੌਧਰੀ ਅੱਜ ਆਪਣੇ ਹਲਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਹਰ ਸੰਘਰਸ਼ ’ਚ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਹ ਕਿਸਾਨੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲੇ ਦਿਨ ਤੋਂ ਹੀ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ ਅਤੇ ਉਹ ਇਨ੍ਹਾਂ ਕਾਨੂੰਨਾਂ ਨੂੰ ਹਰ ਹਾਲਤ ’ਚ ਰੱਦ ਕਰਵਾ ਕੇ ਰਹਿਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੀਨਾਨਗਰ ਅਵਾਂਖਾ ਅਤੇ ਬਹਿਰਾਮਪੁਰ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਰੁਨਾ ਚੌਧਰੀ ਨੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਪਹਿਲੇ ਦਿਨ ਖ਼ਰੀਦ ਦੀ ਚੰਗੀ ਸ਼ੁਰੂਆਤ ਹੋਈ ਹੈ ਅਤੇ ਅਗਲੇ ਦਿਨਾਂ ’ਚ ਵੱਡੇ ਪੱਧਰ ’ਤੇ ਕਿਸਾਨ ਆਪਣੀ ਫ਼ਸਲ ਲੈ ਕੇ ਇੱਥੇ ਪਹੁੰਚਣਗੇ। ਜਿਸਦੇ ਲਈ ਪ੍ਰਬੰਧ ਠੀਕ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ ਕਿਸਾਨਾਂ ਨੂੰ ਕਦੇ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ ਹੈ ਅਤੇ ਸਰਕਾਰ ਹੁਣ ਵੀ ਅਜਿਹੇ ਪ੍ਰਬੰਧ ਕਰੇਗੀ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਅਤੇ ਪੇਮੈਂਟ ਦੀ ਅਦਾਇਗੀ ਲਈ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮਨਜੀਤ ਸਿੰਘ ਮੰਜ, ਆੜਤੀ ਯੂਨੀਅਨ ਦੇ ਪ੍ਰਧਾਨ ਸ਼ਮਿੰਦਰ ਪਾਲ ਸੈਣੀ, ਬਲਾਕ ਪ੍ਰਧਾਨ ਦਲਬੀਰ ਸਿੰਘ ਬਿੱਟੂ, ਜ਼ੋਨ ਇੰਚਾਰਜ ਵਰਿੰਦਰ ਸਿੰਘ ਨੌਸ਼ਹਿਰਾ, ਜ਼ੋਨ ਇੰਚਾਰਜ ਰਾਮ ਸਿੰਘ ਮਜੀਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।