ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ ਕੌਮੀ ਪੱਧਰ ਦੀਆਂ ਖੇਡ ਸੁਵਿਧਾਵਾਂ ਮੁਹੱਈਆ ਕਰਵਾਵਾਂਗੇ – ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਲਹਿਰ ਨੇ ਨਵੇਂ ਮੁਕਾਮ ਹਾਸਲ ਕੀਤੇ: ਹਰਪਾਲ ਸਿੰਘ ਚੀਮਾ
ਦਲਜੀਤ ਕੌਰ
ਦਿੜ੍ਹਬਾ, 11 ਅਕਤੂਬਰ, 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸਾਰੂ ਸੋਚ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਮਾਣਯੋਗ ਪ੍ਰਾਪਤੀਆਂ ਦਰਜ ਕਰਨ ਦਾ ਸਿਲਸਿਲਾ ਜੋਸ਼ੋ ਖਰੋਸ਼ ਨਾਲ ਆਰੰਭ ਕਰ ਦਿੱਤਾ ਹੈ ਜਿਸ ਨਾਲ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਵੱਡੀਆਂ ਮੱਲਾਂ ਮਾਰਨ ਦੀ ਆਸ ਵਧੇਰੇ ਮਜ਼ਬੂਤ ਹੋ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਰਾਜ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਖੇਡ ਸਟੇਡੀਅਮ ਵਿੱਚ ਕੌਮੀ ਪੱਧਰ ਦੀਆਂ ਖੇਡ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁਢਲੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜਲਦੀ ਹੀ ਇਸ ਦੀ ਮੁਕੰਮਲ ਰੂਪ ਰੇਖਾ ਤਿਆਰ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਪੱਧਰੀ ਖੇਡ ਮੁਕਾਬਲੇ ਵਿੱਚ ਰਾਜ ਭਰ ਤੋਂ ਸ਼ਾਮਲ ਹੋਈਆਂ 1500 ਤੋਂ ਵਧੇਰੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸੂਬੇ ਵਿੱਚ ਖੇਡ ਲਹਿਰ ਦੀ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸਾਂਝ ਪਾਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸਰਕਾਰ ਨੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਤੋਂ ਪਹਿਲਾਂ ਹੀ ਤਿਆਰੀ ਵਜੋਂ 8-8 ਲੱਖ ਰੁਪਏ ਖਾਤਿਆਂ ਵਿੱਚ ਪਾ ਦਿੱਤੇ ਹੋਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦ੍ਰਿਸ਼ਟੀ ਵਾਲੀ ਇਸ ਸੋਚ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ ਅਤੇ ਪੰਜਾਬ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਏਸ਼ੀਅਨ ਖੇਡਾਂ ਵਿੱਚ ਤਮਗ਼ੇ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਸਮੇਂ ਦਿੜ੍ਹਬਾ ਨੂੰ ਪਿਛੜੇ ਇਲਾਕੇ ਵਜੋਂ ਜਾਣਿਆ ਜਾਂਦਾ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕਾ ਦਿੜ੍ਹਬਾ ਦੇ ਬਹੁ ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਇਸ ਦੀ ਵੱਡੀ ਗਵਾਹੀ ਨਵਾਂ ਤਹਿਸੀਲ ਕੰਪਲੈਕਸ ਭਰਦਾ ਹੈ ਜਿਸ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਮੁਕੰਮਲ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀ ਖੇਡ ਸਮਰੱਥਾ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਜਿਥੇ ਲੋੜੀਂਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਸਰਵੋਤਮ ਕੋਚ ਅਤੇ ਤਕਨੀਕੀ ਸਿਖਲਾਈ ਦੇ ਪ੍ਰਬੰਧ ਵੀ ਕੀਤੇ ਗਏ ਹਨ ਜਿਸ ਨਾਲ ਸਾਡੇ ਖਿਡਾਰੀਆਂ ਦਾ ਪ੍ਰਦਰਸ਼ਨ ਵਧੀਆ ਹੋਵੇਗਾ ਅਤੇ ਆਪਾਂ ਸਾਰੇ ਰਲ ਮਿਲ ਕੇ ਸੂਬੇ ਵਿੱਚੋਂ ਨਸ਼ਿਆਂ ਦੇ ਸੌ ਫ਼ੀਸਦੀ ਖਾਤਮੇ ਨੂੰ ਯਕੀਨੀ ਬਣਾਵਾਂਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਖੇਡਾਂ ਆਰੰਭ ਕਰਨ ਦਾ ਰਸਮੀ ਐਲਾਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਐਸਪੀ ਸੁਰੇਂਦਰ ਲਾਂਬਾ, ਐਸ ਡੀ ਐਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਐਸ ਪੀ ਨਵਰੀਤ ਸਿੰਘ, ਡੀ ਐਸ ਪੀ ਪ੍ਰਿਥਵੀ ਸਿੰਘ ਚਹਿਲ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਵੀ ਹਾਜ਼ਰ ਸਨ।