ਛਾਜਲੀ/ਸੰਗਰੂਰ, 9 ਅਪ੍ਰੈਲ, 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਛਾਜਲੀ ਵਿਖੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਲੋਕਾਂ ਦੀ ਲੋੜ ਮੁਤਾਬਕ ਇਹ ਪ੍ਰੋਜੈਕਟ ਚਲਾਏ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਅਨਮੋਲ ਸੋਮੇ ਪਾਣੀ ਦੀ ਬੱਚਤ ਹੋ ਸਕੇ। ਉਨ੍ਹਾਂ ਪਾਣੀ ਦੇ ਅਜਾਈਂ ਨਸ਼ਟ ਹੋਣ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਣੀ ਕੁਦਰਤ ਦਾ ਅਨਮੋਲ ਸੋਮਾ ਹੈ ਜਿਸ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਦ੍ਰਿੜ੍ਹ ਸੰਕਲਪ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਫ਼ਸਲਾਂ ਦੇ ਰਵਾਇਤੀ ਚੱਕਰ ਨੂੰ ਛੱਡ ਕੇ ਫਸਲੀ ਵਿਭਿੰਨਤਾ ਨੁੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ।
ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਛਾਜਲੀ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਇਸ ਪ੍ਰੋਜੈਕਟ ’ਤੇ 95.84 ਲੱਖ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ 86.26 ਲੱਖ ਰੁਪਏ ਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਜਦਕਿ 241 ਹੈਕਟੇਅਰ ਰਕਬਾ ਸਿੰਚਾਈ ਲਈ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਇਸ ਪ੍ਰੋਜੈਕਟ ਰਾਹੀਂ 78 ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਸ੍ਰੀ ਚੀਮਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ ਵੀ 20-30% ਬੱਚਤ ਹੋਵੇਗੀ।
ਇਸ ਮੌਕੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਬਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਗੁਰਸੇਵਕ ਸਿੰਘ ਧਾਲੀਵਾਲ ਅਤੇ ਸ਼ਰੇਆਂਸ ਮਿੱਤਲ ਵੀ ਹਾਜ਼ਰ ਸਨ।