29 ਅਗਸਤ, 2022: ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (NAPA) ਨੇ ਕੈਲੀਫੋਰਨੀਆ ਵਿੱਚ ਗੁਰਦੁਆਰਾ ਸਾਹਿਬ ਸਟਾਕਟਨ ਨੇੜੇ ਗੋਲੀਬਾਰੀ ਦੀ ਸਖ਼ਤ ਨਿੰਦਾ ਕੀਤੀ ਹੈ। ਨਾਪਾ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ ਦੋ ਸਿੱਖ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਮਰੀਕਾ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਵਿੱਚ ਵਾਪਰਿਆ ਹੈ। ਚਾਹਲ ਨੇ ਖੁਲਾਸਾ ਕੀਤਾ ਕਿ ਸ਼ਨੀਵਾਰ ਨੂੰ ਕੈਲੀਫੋਰਨੀਆ ਦੇ ਸ਼ਹਿਰ ਸਟਾਕਟਨ ਵਿੱਚ ਗੁਰਦੁਆਰਾ ਸਾਹਿਬ ਨੇੜੇ ਗੋਲੀਬਾਰੀ ਦੀ ਘਟਨਾ ਵਿੱਚ ਘੱਟੋ-ਘੱਟ ਤਿੰਨ ਸਿੱਖ ਜ਼ਖਮੀ ਹੋ ਗਏ ਸਨ। ਕੈਲੀਫੋਰਨੀਆ ਦੇ ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਦੋ ਧੜਿਆਂ ਵਿਚਾਲੇ ਹੋਈ ਝੜਪ ਦੌਰਾਨ ਇਹ ਲੋਕ ਜ਼ਖਮੀ ਹੋ ਗਏ। ਉਨ੍ਹਾਂ ਅੱਗੇ ਦੱਸਿਆ ਕਿ ਇਹ ਘਟਨਾ ਸ਼ਾਮ 6:42 ਵਜੇ ਦੇ ਕਰੀਬ ਵਾਪਰੀ। ਟੀ ਅਤੇ ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਤਿੰਨਾਂ ਪੀੜਤਾਂ ਨੂੰ ਲੱਭ ਲਿਆ। ਗੋਲੀਬਾਰੀ ਦੇ ਸਮੇਂ ਗੁਰਦੁਆਰਾ ਸਾਹਿਬ ਵਿਖੇ ਇੱਕ ਸਮਾਗਮ ਚੱਲ ਰਿਹਾ ਸੀ। ਜ਼ਖਮੀ ਸਿੱਖਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਚਾਹਲ ਨੇ ਕਿਹਾ ਕਿ ਇੱਕ ਪਾਸੇ ਸਿੱਖ ਅਮਰੀਕਾ ਵਿੱਚ ਪਛਾਣ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਦੂਜੇ ਪਾਸੇ ਅਸੀਂ ਹਿੰਸਾ ਵਿੱਚ ਹਿੱਸਾ ਲੈ ਰਹੇ ਹਾਂ ਜਿੱਥੇ ਅਮਰੀਕਾ ਵਿੱਚ ਸਿੱਖਾਂ ਦਾ ਅਕਸ ਦਿਨੋ-ਦਿਨ ਨੀਵਾਂ ਹੋ ਰਿਹਾ ਹੈ। ਅਸੀਂ ਦਾਅਵਾ ਕਰਦੇ ਹਾਂ ਕਿ ਸਿੱਖ ਭਾਈਚਾਰਾ ਇੱਕ ਸ਼ਾਂਤਮਈ ਭਾਈਚਾਰਾ ਹੈ ਪਰ ਸਿੱਖ ਸਮੂਹਾਂ ਵਿੱਚ ਇਸ ਤਰ੍ਹਾਂ ਦੀ ਹਿੰਸਾ ਸਿੱਖਾਂ ਦੇ ਸ਼ਾਂਤਮਈ ਭਾਈਚਾਰਾ ਹੋਣ ਦੇ ਦਾਅਵੇ ਨੂੰ ਨੁਕਸਾਨ ਪਹੁੰਚਾ ਰਹੀ ਹੈ।
Boota Singh Basi
President & Chief Editor